ਮਾਨਸਾ : ਡਿਪਟੀ ਕਮਿਸ਼ਨਰ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ ਵਧਾਉਣ ਦੇ ਆਦੇਸ਼
ਸੰਜੀਵ ਜਿੰਦਲ
- ਫ਼ਤਿਹ ਕਿੱਟਾਂ ਦੀ ਕੋਈ ਕਮੀ ਨਹੀਂ, ਹਰੇਕ ਪਾਜ਼ੀਟਿਵ ਮਰੀਜ਼ ਦੀ ਸਿਹਤ ਦੀ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ
ਮਾਨਸਾ, 26 ਮਈ 2021 : ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਜ਼ਿਲ੍ਹੇ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਸਿਹਤ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਤਾਇਨਾਤ ਰੈਪਿਡ ਰਿਸਪਾਂਸ ਟੀਮਾਂ ਪੂਰੀ ਤਰ੍ਹਾਂ ਚੌਕਸ ਰਹਿ ਕੇ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਸਖ਼ਤੀ ਨਾਲ ਰੋਕਣ ਲਈ ਕਾਰਜਸ਼ੀਲ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਰੱਖਣਗੀਆਂ । ਉਨ੍ਹਾਂ ਕਿਹਾ ਕਿ ਭਾਵੇਂ ਕਿ ਲੋਕ ਇਸ ਬਿਮਾਰੀ ਤੋਂ ਮੁਕਤੀ ਪਾਉਣ ਲਈ ਪਹਿਲਾਂ ਨਾਲੋਂ ਵਧੇਰੇ ਸਹਿਯੋਗੀ ਹੋ ਚੁੱਕੇ ਹਨ ਪਰ ਇਹ ਬਿਲਕੁਲ ਵੀ ਢਿੱਲ ਵਰਤਣ ਦਾ ਸਮਾਂ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਸਿਵਲ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਵਾਰਡ ਵਿਖੇ ਕੇਵਲ 40 ਬਿਸਤਰਿਆਂ ਦੀ ਵਿਵਸਥਾ ਸੀ ਜਿਸ ਨੂੰ ਵਧਾ ਕੇ 80 ਕੀਤਾ ਗਿਆ ਅਤੇ ਇਸ ਤੋਂ ਇਲਾਵਾ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਵਿਖੇ ਵੀ ਕੋਵਿਡ ਪਾਜੀਟਿਵ ਮਰੀਜ਼ਾਂ ਲਈ ਐਲ-2 ਬਿਸਤਰਿਆਂ ਦੀ ਵਿਵਸਥਾ ਯਕੀਨੀ ਬਣਾਉਂਦੇ ਹੋਏ ਹੁਣ ਤੱਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ 153 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਜਿਥੇ ਹਰੇਕ ਬਿਸਤਰੇ ’ਤੇ ਆਕਸੀਜਨ ਦੀ ਸੁਵਿਧਾ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੋਵਿਡ ਨਾਲ ਨਜਿੱਠਣ ਅਤੇ ਠੱਲ੍ਹ ਪਾਉਣ ਲਈ ਹਰ ਬਿਹਤਰ ਪ੍ਰਬੰਧ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮੂਹ ਬਲਾਕਾਂ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਕਰਨ ਅਤੇ ਫ਼ਤਿਹ ਕਿੱਟਾਂ ਦੀ ਵੰਡ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੀ.ਪੀ.ਟੀ.ਓ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਉਣ ਲਈ ਟੀਮਾਂ ਤਾਇਨਾਤ ਹਨ ਅਤੇ ਹੁਣ ਕੋਈ ਵੀ ਕਮੀ ਨਹੀਂ ਹੈ ਅਤੇ ਉਪ ਮੰਡਲ ਮੈਜਿਸਟਰੇਟ ਦੇ ਪੱਧਰ ’ਤੇ ਹਰ ਪਾਜੀਟਿਵ ਮਰੀਜ਼ ਤੱਕ ਇਹ ਕਿੱਟ ਪਹੁੰਚਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਹੁਣ ਰੋਜ਼ਾਨਾ 4 ਹਜ਼ਾਰ ਦੇ ਕਰੀਬ ਸੈਂਪਲ ਭਰੇ ਜਾ ਰਹੇ ਹਨ ਪਰ ਹਾਲੇ ਦਿਹਾਤੀ ਖੇਤਰਾਂ ਵਿੱਚ ਸੈਂਪਲਾਂ ਦੀ ਗਿਣਤੀ ਹੋਰ ਵੀ ਵਧਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੰਟੈਕਟ ਟਰੇਸਿੰਗ ਵੀ ਕੋਵਿਡ ਦੀ ਰੋਕਥਾਮ ਦਾ ਅਹਿਮ ਜ਼ਰੀਆ ਹੈ ਇਸ ਲਈ ਕੰਟੈਕਟ ਟਰੇਸਿੰਗ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸਲਾਹਾਂ ਦੀ ਪਾਲਣਾ ਲਈ ਨਾਗਰਿਕਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਅਤੇ ਹਰੇਕ ਨਾਗਰਿਕ ਵੀ ਇਸ ਨੂੰ ਆਪਣਾ ਨੈਤਿਕ ਫਰਜ਼ ਸਮਝੇ ਕਿਉਂ ਜੋ ਲਾਪਰਵਾਹੀ ਨਾਲ ਮਨੁੱਖੀ ਜਾਨਾਂ ਖਤਰੇ ਵਿੱਚ ਪੈ ਸਕਦੀਆਂ ਹਨ ਇਸ ਲਈ ਸਿਹਤ ਪ੍ਰੋਟੋਕਾਲ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ।
ਮੀਟਿੰਗ ਦੌਰਾਨ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਸਮੇਤ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ।