ਮਾਨਸਾ ਡੀ ਸੀ ਵੱਲੋਂ ਲੋਕ ਹਿੱਤ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਸ਼ਾਮ 5 ਵਜੇ ਤੱਕ ਜਾਰੀ ਰੱਖਣ ਦੇ ਆਦੇਸ਼
ਸੰਜੀਵ ਜਿੰਦਲ
- ਬਲਾਕ ਮਾਨਸਾ ਦੇ ਪਿੰਡਾਂ ’ਚ ਵਧੇਰੇ ਚੌਕਸੀ ਲਈ ਕਮੇਟੀਆਂ ਦਾ ਗਠਨ ਕਰਨ ਦੀ ਹਦਾਇਤ
ਮਾਨਸਾ, 13 ਮਈ 2021 : ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਵਿੱਚ ਆਯੋਜਿਤ ਕੀਤੇ ਜਾ ਰਹੇ ਟੀਕਾਕਰਨ ਦੇ ਵਿਸ਼ੇਸ਼ ਕੈਂਪਾਂ ਨੂੰ ਸ਼ਾਮ 5 ਵਜੇ ਤੱਕ ਜਾਰੀ ਰੱਖਿਆ ਜਾਵੇ। ਹੋਰਨਾਂ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਮੁੱਚਾ ਪ੍ਰਸ਼ਾਸਨ ਯਤਨਸ਼ੀਲ ਹੈ ਅਤੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਅਗੇਤੇ ਤੌਰ ’ਤੇ ਹਰ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਕਿਸੇ ਵੀ ਸਥਿਤੀ ਵਿੱਚ ਸਿਹਤ ਸੁਵਿਧਾਵਾਂ ਪੱਖੋਂ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਅਹਿਤਿਆਤ ਵਰਤਣ ਵਿੱਚ ਵਧੇਰੇ ਚੌਕਸੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡਾਂ ਵਿਖੇ ਵਾਰਡਾਂ ਅਨੁਸਾਰ ਟੀਮਾਂ ਦਾ ਗਠਨ ਕਰਨ ਦੀ ਹਦਾਇਤ ਕੀਤੀ ਗਈ ਹੈ ਜਿਸ ਵਿੱਚ ਸਰਪੰਚ ਤੇ ਪੰਚਾਇਤ ਸਕੱਤਰ ਮੋਹਰੀ ਭੁਮਿਕਾ ਨਿਭਾਉਂਦੇ ਹੋਏ ਲੋਕਾਂ ਨੂੰ ਕੋਵਿਡ ਤੋਂ ਬਚਾਅ ਬਾਰੇ ਜਾਗਰੂਕ ਕਰਨਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਵਾਰਡ ਦਾ ਵਸਨੀਕ, ਕਲੱਬ ਦਾ ਨੁਮਾਇੰਦਾ ਤੇ ਸੇਵਾਮੁਕਤ ਕਰਮਚਾਰੀ ਵੀ ਸ਼ਾਮਲ ਹੋਣਗੇ ਅਤੇ ਗ੍ਰਾਮ ਪੰਚਾਇਤਾਂ ਰਾਹੀਂ ਇਨ੍ਹਾਂ ਵਾਰਡਾਂ ਵਿਖੇ ਸਰਕਾਰ ਦੁਆਰਾ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਦੀ ਮੋਨੀਟਰਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੋਡਲ ਅਧਿਕਾਰੀ ਇਨ੍ਰ੍ਹਾਂ ਕਮੇਟੀਆਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ ਅਤੇ ਇਸ ਤਰ੍ਹਾਂ ਆਪਸੀ ਪੱਧਰ ’ਤੇ ਤਾਲਮੇਲ ਰੱਖਦੇ ਹੋਏ ਕਿਸੇ ਵੀ ਪਿੰਡ ਵਿੱਚ ਕੋਵਿਡ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧਣ ਦੀ ਸੂਰਤ ਵਿੱਚ ਫੌਰੀ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਤਰਜੀਹੀ ਆਧਾਰ ’ਤੇ ਸੈਂਪਲਿੰਗ ਤੇ ਹੋਰ ਢੁਕਵੇਂ ਕਦਮ ਉਠਾਏ ਜਾ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ ਡੀ ਐਮ ਸਰਦੂਲਗੜ੍ਹ ਸਰਬਜੀਤ ਕੌਰ ਸਮੇਤ ਹੋਰ ਅਧਿਕਾਰੀਆਂ ਨੇ ਕੰਟੇਨਮੈਂਟ ਜ਼ੋਨਾਂ, ਮਾਈਕਰੋ ਕੰਟੇਨਮੈਂਟਾਂ ਜ਼ੋਨਾਂ, ਸੈਂਪਲਿੰਗ, ਵੈਕਸੀਨੇਸ਼ਨ, ਆਕਸੀਜਨ, ਫ਼ਤਿਹ ਕਿੱਟਾਂ, ਹੋਮ ਆਈਸੋਲੇਸ਼ਨ, ਰੈਪਿਡ ਰਿਸਪਾਂਸ ਟੀਮਾਂ ਆਦਿ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਕੇਸਾਂ ਦੀ ਰੋਕਥਾਮ ਲਈ ਹਰ ਢੁਕਵਾਂ ਕਦਮ ਪੁੱਟੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ।