ਮਿੱਤਰ ਸੈਨ ਸ਼ਰਮਾ
- ਹੁਣ ਹਸਪਤਾਲ ਵਿਖੇ 14 ਕੋਰੋਨਾ ਮਰੀਜ਼ ਇਲਾਜ਼ ਅਧੀਨ
- 19 ਮਰੀਜ਼ਾਂ ਨੂੰ ਕੀਤਾ ਜਾ ਚੁੱਕਾ ਹੈ ਡਿਸਚਾਰਜ
ਮਾਨਸਾ 17 ਮਈ 2020 - ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 6 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਨਦੇੜ ਸਾਹਿਬ ਅਤੇ ਕੰਬਾਇਨ ਲੇਬਰ ਦੇ ਕੰਮ ਕਰਦੇ ਵੱਖ-ਵੱਖ ਰਾਜਾਂ ਤੋਂ ਆਏ ਹੋਏ ਸਨ, ਜਿੰਨ੍ਹਾਂ ਨੂੰ ਆਈਸੋਲੇਟ ਕਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਵਿਅਕਤੀ 10 ਦਿਨਾਂ ਤੋਂ ਵੱਧ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੋਵੇ ਅਤੇ 3 ਦਿਨਾਂ ਤੋਂ ਉਸਨੂੰ ਕੋਈ ਬੁਖਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼ ਜਾਂ ਕੋਰੋਨਾ ਸਬੰਧੀ ਕੋਈ ਲੱਛਣ ਨਾ ਹੋਵੇ, ਤਾਂ ਉਸ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਜਾ ਸਕਦੀ ਹੈ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਡਿਸਚਾਰਜ ਕੀਤੇ ਇਹਨਾਂ 6 ਵਿਅਕਤੀਆਂ ਨੂੰ ਘਰਾਂ ਵਿੱਚ ਖੁਦ ਨੂੰ ਘੱਟ ਤੋਂ ਘੱਟ 10 ਦਿਨ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ ਹੁੰਦੀ ਹੈ, ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ। ਉਹਨਾਂ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ੀਟਿਵ ਕੇਸ 33 ਹਨ, ਜਿੰਨ੍ਹਾਂ ਵਿੱਚੋਂ ਹੁਣ ਤੱਕ ਕੁੱਲ 19 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 14 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਚੱਲ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਮਈ ਨੂੰ 76 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਬਲਾਕ ਖਿਆਲਾ ਕਲਾਂ ਵਿਖੇ ਅੱਜ ਪੁਲਿਸ ਮੁਲਾਜ਼ਮਾਂ, ਲੇਬਰ ਆਦਿ ਵਿਅਕਤੀਆਂ ਦੇ 56 ਸੈਂਪਲ ਲੈ ਕੇ ਭੇਜੇ ਗਏ ਹਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਇਸ ਤੋਂ ਇਲਾਵਾ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਤੇ ਆਪਣੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ-ਸੰਜੀਵਨੀ ਆਨਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।