ਅਸ਼ੋਕ ਵਰਮਾ
ਮਾਨਸਾ, 17 ਫਰਵਰੀ 2021: ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ 14 ਫਰਵਰੀ ਨੂੰ ਹੋਈਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਨਗਰ ਕੌਂਸਲ ਮਾਨਸਾ, ਬੁਢਲਾਡਾ ਅਤੇ ਬਰੇਟਾ ਤੋਂ ਇਲਾਵਾ ਨਗਰ ਪੰਚਾਇਤ ਬੋਹਾ ਤੇ ਜੋਗਾ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ ਵੱਖ ਥਾਈਂ ਗਿਣਤੀ ਕੇਂਦਰ ਬਣਾਏ ਗਏ ਸਨ ਜਿਥੇ ਅੱਜ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਦਾ ਕਾਰਜ ਮੁਕੰਮਲ ਹੋਇਆ। ਇਸ ਦੌਰਾਨ ਰਾਜ ਚੋਣ ਕਮਿਸ਼ਨ ਦੀ ਤਰਫੋਂ ਤਾਇਨਾਤ ਕੀਤੇ ਗਏ ਅਬਜ਼ਰਵਰ ਸ਼੍ਰੀ ਰੁਪਿੰਦਰਪਾਲ ਸਿੰਘ ਨੇ ਵੀ ਗਿਣਤੀ ਕੇਂਦਰਾਂ ਵਿਖੇ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੋਵਿਡ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ ਵੀ ਅਮਲ ਵਿੱਚ ਲਿਆਂਦੀ ਗਈ।
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਵਿਖੇ ਕੁਲ 27 ਵਾਰਡਾਂ ਲਈ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਵਾਰਡ ਨੰ: 20 ਵਿੱਚ ਪਹਿਲਾਂ ਹੀ ਇੰਡੀਅਨ ਨੈਸ਼ਨਲ ਕਾਂਗਰਸ ਦਾ ਉਮੀਦਵਾਰ ਸਰਬਸੰਮਤੀ ਨਾਲ ਜੇਤੂ ਐਲਾਨਿਆ ਜਾ ਚੁੱਕਾ ਹੈ ਜਦਕਿ ਅੱਜ ਆਏ ਨਤੀਜਿਆਂ ਦੇ ਤਹਿਤ 13 ਵਾਰਡਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, 2 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, 3 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ 8 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਬੁਢਲਾਡਾ ਵਿਖੇ ਕੁਲ 19 ਵਾਰਡਾਂ ਵਿੱਚੋਂ 6 ਵਾਰਡਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, 2 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, 1 ਵਾਰਡ ਵਿੱਚ ਆਮ ਆਦਮੀ ਪਾਰਟੀ ਅਤੇ 10 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰੇਟਾ ਵਿਖੇ ਕੁਲ 13 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ, ਨਗਰ ਪੰਚਾਇਤ ਜੋਗਾ ਵਿਖੇ ਕੁਲ 13 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਅਤੇ ਨਗਰ ਪੰਚਾਇਤ ਬੋਹਾ ਵਿਖੇ ਕੁਲ 13 ਉਮੀਦਵਾਰਾਂ ਵਿੱਚੋਂ 2 ਇੰਡੀਅਨ ਨੈਸ਼ਨਲ ਕਾਂਗਰਸ, 2 ਸ਼੍ਰੋਮਣੀ ਅਕਾਲੀ ਦਲ ਅਤੇ ਬਾਕੀ 9 ਆਜ਼ਾਦ ਉਮੀਦਵਾਰ ਜੇਤੂ ਰਹੇ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜੇਤੂ ਐਲਾਨੇ ਗਏ ਉਮੀਦਵਾਰ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਜੇਤੂ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸਮੁੱਚੇ ਚੋਣ ਅਮਲ ਦੌਰਾਨ ਪੂਰਨ ਸ਼ਾਂਤੀ ਰੱਖਣ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਨਾਗਰਿਕਾਂ ਵੱਲੋਂ ਪਾਏ ਗਏ ਯੋਗਦਾਨ ਲਈ ਸ਼ਲਾਘਾ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਵਾਲੇ ਚੋਣ ਅਮਲੇ ਦਾ ਵੀ ਧੰਨਵਾਦ ਕੀਤਾ ।