ਅਸ਼ੋਕ ਵਰਮਾ
ਮਾਨਸਾ, 24 ਅਪ੍ਰੈਲ 2020 - ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐਮ.ਡੀ. (ਮੈਨੇਜਿੰਗ ਡਾਇਰੈਕਟਰ) ਮਾਰਕਫੈਡ ਵਰੁਣ ਰੂਜ਼ਮ ਨੇ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਵਰੁਣ ਰੂਜ਼ਮ ਨੇ ਜ਼ਿਲ੍ਹਾ ਖੁਰਾਕ ਤੇ ਫੂਡ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਣਕ ਦੀ ਆਮਦ ਅਤੇ ਖਰੀਦ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਖੇ ਕਣਕ ਦੀ ਖਰੀਦ ਬਹੁਤ ਵੀ ਵਧੀਆ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਇਆ ਜਾਵੇ।
ਮੰਡੀਆਂ ਦਾ ਦੌਰਾ ਕਰਨ ਸਮੇਂ ਐਮ.ਡੀ. ਸ਼੍ਰੀ ਵਰੁਣ ਰੂਜ਼ਮ ਵੱਲੋਂ ਮੰਡੀਆਂ ਵਿੱਚ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਖੁਸ਼ੀ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਜਿਸ ਸਦਕਾ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆ ਰਹੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਸਮੇਂ ਅਨੁਸਾਰ ਕਰਵਾਉਂਦੇ ਰਹਿਣ, ਤਾਂ ਜੋ ਮੰਡੀਆਂ ਵਿੱਚ ਕਣਕ ਰੱਖਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਜ਼ਿਲ੍ਹੇ ਅੰਦਰ ਚੱਲ ਰਹੀ ਖਰੀਦ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 198452 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 179769 ਮੀਟਰਕ ਟਨ ਕਣਕ ਦੀ ਖਰੀਦ ਵੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ 91095 ਮੀਟਰਕ ਟਨ ਫਸਲ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਸਬੰਧੀ ਕਰੀਬ 100 ਕਰੋੜ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।