ਰਾਜਵੰਤ ਸਿੰਘ
- ਜ਼ਿਲ੍ਹੇ ’ਚ ਫ਼ਿਰ ਕੋਰੋਨਾ ਦੇ 49 ਕੇਸਾਂ ਤੋਂ ਬਾਅਦ ਅੰਕੜਾ ਪੁੱਜਾ 482 ’ ਤੇ
ਸ੍ਰੀ ਮੁਕਤਸਰ ਸਾਹਿਬ, 18 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਪ੍ਰਭਾਵ ਇਸ ਕਦਰ ਫੈਲ ਰਿਹਾ ਹੈ ਕਿ ਆਏ ਦਿਨ ਕੋਈ ਪ੍ਰਸਾਸ਼ਨਿਕ ਅਧਿਕਾਰੀ ਜਾਂ ਸਿਆਸੀ ਲੀਡਰ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇਹਨ। ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਿਗ ਦੇ ਨਤੀਜਿਆਂ ਤਹਿਤ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ 49 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਏ 49 ਕੇਸਾਂ ਵਿੱਚੋਂ 5 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 11 ਕੇਸ ਗਿੱਦੜਬਾਹਾ, 10 ਕੇਸ ਮਲੋਟ, 1 ਕੇਸ ਪਿੰਡ ਕੋਟਲੀ ਅਬਲੂ, 1 ਕੇਸ ਪਿੰਡ ਸਰਾਏਨਾਗਾ, 1 ਕੇਸ ਪਿੰਡ ਬਾਜਾ ਮਰਾੜ, 1 ਕੇਸ ਪਿੰਡ ਥਾਂਦੇਵਾਲਾ, 2 ਕੇਸ ਪਿੰਡ ਬਾਦਲ, 1 ਕੇਸ ਪਿੰਡ ਮਾਹੂਆਣਾ, 1 ਕੇਸ ਪਿੰਡ ਬੁੱਟਰ ਸ਼ਰੀਂਹ, 1 ਕੇਸ ਪਿੰਡ ਦੋਦਾ, 1 ਕੇਸ ਪਿੰਡ ਮੱਲਣ, 1 ਕੇਸ ਪਿੰਡ ਭੁੱਲਰ, 1 ਕੇਸ ਪਿੰਡ ਸੋਥਾ, 3 ਕੇਸ ਪਿੰਡ ਕੱਖਾਂਵਾਲੀ, 2 ਕੇਸ ਪਿੰਡ ਪੰਜਾਵਾ ਅਤੇ 4 ਕੇਸ ਪਿੰਡ ਸਿੱਖਵਾਲਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਹੁਣ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 27 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 229 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ, ਜਦੋਂਕਿ ਹੁਣ 1022 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 391 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 482 ਹੋ ਗਿਆ ਹੈ, ਜਿੰਨ੍ਹਾਂ ਵਿੱਚੋਂ 311 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 167 ਕੇਸ ਇਸ ਸਮੇਂ ਐਕਟਿਵ ਚੱਲ ਰਹੇ ਹਨ।
ਬਾਕਸ
ਹਲਕਾ ਵਿਧਾਇਕ ਦੀ ਕੋਰੋਨਾ ਰਿਪੋਰਟ ਵੀ ਆਈ ਪਾਜ਼ੀਟਿਵ
ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਫੋਨ ’ਤੇ ਗੱਲਬਾਤ ਕਰਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਉਨ੍ਹਾਂ ਕੋਰੋਨਾ ਸੈਂਪਲ ਦਿੱਤਾ ਸੀ, ਜਿਸਦੀ ਰਿਪੋਰਟ ਅਨੁਸਾਰ ਵਿਧਾਇਕ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂਕਿ ਬਾਕੀ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਧਾਇਕ ਨੇ ਦੱਸਿਆ ਕਿ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹ ਆਪਣੇ ਘਰ ਅੰਦਰ ਹੀ ਇਕਾਂਤਵਾਸ ’ਚ ਹਨ। ਇਹ ਜਾਣਕਾਰੀ ਉਨ੍ਹਾਂ ਆਪਣੇ ਫੇਸਬੁੱਕ ਪੇਜ਼ ’ਤੇ ਵੀ ਸਾਂਝੀ ਕੀਤੀ ਹੈ। ਵਰਣਨਯੋਗ ਹੈ ਕਿ ਸੋਮਵਾਰ ਨੂੰ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਕਾਂਗਰਸੀ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ।