ਅਧਿਕਾਰੀ ਅਨਾਜ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ : ਡੀ.ਸੀ.
ਹਰੀਸ਼ ਕਾਲੜਾ
ਰੂਪਨਗਰ, 08 ਜੂਨ 2020 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਜਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਦੀ ਵੰਡ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਕੋਵਿਡ ਲੌਕਡਾਊਨ ਦੌਰਾਨ ਜਿੱਥੇ ਗਰੀਬ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪਹਿਲਾਂ ਹੀ ਲਾਭ ਦਿੱਤਾ ਜਾ ਰਿਹਾ ਹੈ, ਉਥੇ ਹੁਣ 'ਆਤਮ ਨਿਰਭਰ ਭਾਰਤ' ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ' ਜਿਲ੍ਹਾ ਪ੍ਰਸਾਸ਼ਨ ਵਲੋਂ ਸੁਚਾਰੂ ਢੰਗ ਨਾਲ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜਿਲ੍ਹੇ ਵਿੱਚ 93532 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ 90521 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ 50896.02 ਕੁਇੰਟਲ ਕਣਕ ਅਤੇ 2714.23 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਆਤਮ ਨਿਰਭਰ ਭਾਰਤ' ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਅਨਾਜ ਦੀ ਵੰਡ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 19357 ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਨੂੰ 10 ਕਿਲੋ ਆਟਾ, ਇਕ ਕਿਲੋ ਦਾਲ ਅਤੇ ਇਕ ਕਿਲੋ ਖੰਡ ਵੰਡੀ ਜਾ ਰਹੀ ਹੈ। ਉਨ੍ਹਾਂ ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨਾਜ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਇਸ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਇਸ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਘਰਾਂ ਤੋਂ ਬਾਹਰ ਜਾਣ ਸਮੇਂ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥਾਂ ਨੂੰ ਧੋਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਵਧਾਨੀਆਂ ਵਰਤ ਕੇ ਕੋਵਿਡ-19 ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਸਾਂਝੇ ਹੰਭਲੇ ਨਾਲ ਕੋਰੋਨਾ ਖਿਲਾਫ ਜੰਗ ਜਿੱਤਣ ਵਿੱਚ 'ਮਿਸ਼ਨ ਫਤਿਹ' ਸਫਲ ਸਾਬਿਤ ਹੋਵੇਗਾ।
ਕੰਟਰੋਲਰ ਜਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਸ਼੍ਰੀ ਸਤਵੀਰ ਸਿੰਘ ਮਾਵੀ ਨੇ ਦੱਸਿਆ ਕਿ ਜਿਲ੍ਹੇ ਵਿੱਚ 610 ਰਾਸ਼ਨ ਡਿੱਪੂਆਂ ਰਾਹੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪਹਿਲਾਂ ਹੀ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਹੁਣ 'ਆਤਮ ਨਿਰਭਰ ਭਾਰਤ' ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਅਨਾਜ ਵੰਡਣ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।