ਮਿਸ਼ਨ ਦੀ ਕਾਮਯਾਬੀ ਲਈ ਮੰਗਿਆ ਸਹਿਯੋਗ
ਹਰੀਸ਼ ਕਾਲੜਾ
ਰੂਪਨਗਰ, 13 ਜੁਲਾਈ 2020 : ਕੋਰੋਨਾ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਲੜੀ ਤਹਿਤ ਸਰਪੰਚਾਂ ਤੇ ਪੰਚਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ ਨੇ ਦੱਸਿਆ ਕਿ ਕੋਰੋਨਾ ਸੰਕਟ ਦੌਰਾਨ ਸਰਪੰਚਾਂ ਤੇ ਪੰਚਾਂ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਸ਼ਲਾਘਯੋਗ ਭੂਮਿਕਾ ਨਿਭਾਈ ਹੈ, ਉਥੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਦੇ ਮੱਦੇਨਜ਼ਰ ਸਰਪੰਚਾਂ ਤੇ ਪੰਚਾਂ ਨੂੰ ਮਿਸ਼ਨ ਫ਼ਤਿਹ ਦੇ ਬੈਜ ਲਾ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਹੈ। ਪੰਚ ਤੇ ਸਰਪੰਚ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਦਿਆਂ ਲੋਕਾਂ ਨੂੰ ਜਿੱਥੇ ਵਾਰ ਵਾਰ ਹੱਥ ਧੋਣ, ਸਮਾਜਕ ਵਿੱਥ ਕਾਇਮ ਰੱਖਣ ਅਤੇ ਮੂੰਹ ਢਕ ਕੇ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਉਨ੍ਹਾਂ ਨੂੰ ਕੋਵਾ ਐਪ ਬਾਰੇ ਵੀ ਜਾਗਰੂਕ ਕਰ ਕੇ ਇਸ ਨੂੰ ਡਾਊਨਲੋਡ ਕਰ ਕੇ ਇਸ ਜ਼ਰੀਏ ਮਿਸ਼ਨ ਫ਼ਤਿਹ ਜੁਆਇਨ ਕਰਨ ਲਈ ਵੀ ਪ੍ਰੇਰ ਰਹੇ ਹਨ।ਇਸ ਦੇ ਨਾਲ ਨਾਲ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਕੇ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਸਕਦਾ ਹੈ ਤੇ ਸਭਨਾਂ ਨੂੰ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।