ਮੀਤ ਹੇਅਰ ਨੇ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੀਤ ਹੇਅਰ
ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਹਰ ਸੰਭਵ ਮੱਦਦ ਦਾ ਦਿਵਾਇਆ ਵਿਸ਼ਵਾਸ
ਚੰਡੀਗੜ੍ਹ, 18 ਫਰਵਰੀ 2023 : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਮੀਤ ਹੇਅਰ ਨੇ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ (ਵੀਡੀਓ ਵੀ ਦੇਖੋ)
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹੋ ਕਹਿਣਾ ਹੈ ਕਿ ਖਿਡਾਰੀ ਨੂੰ ਤਮਗ਼ਾ ਜਿੱਤਣ ਤੋਂ ਬਾਅਦ ਸਨਮਾਨਤ ਕਰਨ ਦੇ ਨਾਲ ਉਸ ਨੂੰ ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਦੇਣਾ ਹੋਰ ਵੀ ਮਹੱਤਵਪੂਰਨ ਹੈ ਜਿਸ ਲਈ ਉਨ੍ਹਾਂ ਦੀਆਂ ਹਦਾਇਤਾਂ ਉਤੇ ਇਹ ਸਨਮਾਨ ਕੀਤਾ ਗਿਆ ਹੈ।
ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਇਸੇ ਦਾ ਹਿੱਸਾ ਹੈ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ ਕਿਉਂਕਿ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲਾ ਦੇਸ਼ ਦਾ ਪਹਿਲਾ ਅਥਲੀਟ ਹੈ।
ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ। ਖੇਡ ਮੰਤਰੀ ਵੱਲੋਂ ਉਸ ਨੂੰ ਸਨਮਾਨਤ ਕਰਨ ਮੌਕੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਅਮਿਤ ਤਲਵਾੜ ਤੇ ਅਕਸ਼ਦੀਪ ਸਿੰਘ ਦੇ ਕੋਚ ਗੁਰਦੇਵ ਸਿੰਘ ਵੀ ਹਾਜ਼ਰ ਸਨ।