ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਅੱਜ ਫ਼ਿਰ ਦੋ ਹੋਰ ਮੌਤਾਂ ਹੋ ਗਈਆਂ ਹਨ, ਜਦੋਂਕਿ ਦੂਜੇ ਪਾਸੇ 16 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਮਲੋਟ, 5 ਕੇਸ ਗਿੱਦੜਬਾਹਾ, 1 ਕੇਸ ਬਾਦਲ ਤੇ 1 ਕੇਸ ਮਿੱਡਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 2 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 440 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 767 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 477 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3510 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3191 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 235 ਕੇਸ ਸਰਗਰਮ ਚੱਲ ਰਹੇ ਹਨ।
ਕੋਰੋਨਾ ਨੇ ਲਈਆਂ ਦੋ ਹੋਰ ਜਾਨਾਂ
ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਦੋ ਹੋਰ ਮੌਤਾਂ ਹੋ ਗਈਆਂ ਹਨ। ਪਹਿਲੀ ਮਿ੍ਰਤਕਾ 70 ਸਾਲਾ ਔਰਤ ਜੋ ਮਲੋਟ ਤੋਂ ਸਬੰਧਿਤ ਸੀ, ਦੀ ਅੱਜ ਮੌਤ ਹੋ ਗਈ ਹੈ। ਦੂਜਾ ਮਿ੍ਰਤਕ 43 ਸਾਲਾ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਦਾ ਵਾਸੀ ਸੀ। ਉਕਤ ਦੋਵੇਂ ਮਰੀਜ਼ ਕੋਰੋਨਾ ਪੀੜ੍ਹਤ ਚੱਲ ਰਹੇ ਸਨ ਤੇ ਫਰੀਦਕੋਟ ਵਿਖੇ ਇਲਾਜ ਅਧੀਨ ਸਨ, ਜਿੰਨ੍ਹਾਂ ਦੀ ਅੱਜ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 84 ਮੌਤਾਂ ਹੋ ਚੁੱਕੀਆਂ ਹਨ।