ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 14 ਨਵੇਂ ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 7 ਕੇਸ ਮਲੋਟ, 1 ਕੇਸ ਪਿੰਡ ਥੇੜੀ, 1 ਕੇਸ ਸ਼ਾਮ ਖੇੜਾ ਤੇ 2 ਕੇਸ ਖੇਮਾ ਖੇੜਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 9 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 143 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ 315 ਸੈਂਪਲ ਅਜੇ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 301 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3046 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2845 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 137 ਕੇਸ ਸਰਗਰਮ ਚੱਲ ਰਹੇ ਹਨ।
55 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ
ਅੱਜ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ 55 ਸਾਲਾ ਔਰਤ ਸੀ, ਜੋ ਪਿੰਡ ਸ਼ਾਮ ਖੇੜਾ ਨਾਲ ਸਬੰਧਿਤ ਸੀ, ਜਿਸਦੀ ਅਚਾਨਕ ਤਬੀਅਤ ਖ਼ਰਾਬ ਹੋਈ, ਜਿਸ ਤੋਂ ਬਾਅਦ ਉਸਨੂੰ ਭੁੱਚੋਂ ਦੇ ਇੱਕ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਮਿ੍ਰਤਕ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਚੱਲ ਰਹੀ ਸੀ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ 64 ਹੋ ਗਿਆ ਹੈ।