← ਪਿਛੇ ਪਰਤੋ
ਚੰਡੀਗੜ੍ਹ, 20 ਦਸੰਬਰ, 2016 : ਚੰਡੀਗੜ੍ਹ ਨਗਰ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਇਤਿਹਾਸਕ ਜਿੱਤ ਨੂੰ ਮਹਿਜ਼ ਝਲਕ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਪੂਰੀ ਤਸਵੀਰ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੀ ਧਮਾਕੇਦਾਰ ਜਿੱਤ ਤੋਂ ਬਾਅਦ ਉੱਭਰ ਕੇ ਸਾਹਮਣੇ ਆਵੇਗੀ। ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਗੱਠਜੋੜ ਦੀ ਲਗਾਤਾਰ ਤੀਜੀ ਵਾਰ ਜਿੱਤ ਨੂੰ ਯਕੀਨੀ ਬਣਾਉਣ ਲਈ ਹਵਾ ਦਾ ਰੁਖ ਸਪੱਸ਼ਟ ਕਰ ਦਿੱਤਾ ਹੈ। ਸ. ਬਾਦਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਗੱਠਜੋੜ 'ਚ ਦਿੱਤੇ ਫਤਵੇ ਨੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ ਹੈ ਅਤੇ ਇਨ੍ਹਾਂ ਨਤੀਜਿਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸਰਕਾਰ ਨੂੰ ਭੰਡਣ ਦਾ ਝੂਠਾ ਪ੍ਰਚਾਰ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਇਸ ਜਿੱਤ ਤੋਂ ਬਾਗੋ-ਬਾਗ ਹੁੰਦਿਆਂ ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਵਰਕਰਾਂ ਤੇ ਲੀਡਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਾਲ 2017 ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੀ ਗੱਠਜੋੜ ਇਹੀ ਇਤਿਹਾਸ ਦੁਹਰਾਏਗਾ।
Total Responses : 267