ਚੰਡੀਗੜ੍ਹ, 22 ਦਸੰਬਰ 2020 - ਪੰਜਾਬ ਦੇ 14 ਆੜ੍ਹਤੀਆਂ ਨੂੰ ਇਨਕਮ ਟੈਕਸ ਦੁਆਰਾ ਭੇਜੇ ਨੋਟਿਸ ਤੋਂ ਬਾਅਦ ਸਮੂਹ ਆੜ੍ਹਤੀਆ ਐਸੋਸੀਏਸ਼ਨ ਨੇ ਅੱਜ ਮੰਗਲਵਾਰ 22 ਦਸੰਬਰ ਤੋਂ 25 ਦਸੰਬਰ ਤੱਕ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀ ਆੜ੍ਹਤੀਆ ਐਸੋਸੀਏਸ਼ਨਜ਼ ਫੈਡਰੇਸ਼ਨ ਦੁਆਰਾ ਅੱਜ ਇਨਕਮ ਟੈਕਸ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕਰਨ ਦੀ ਵੀ ਯੋਜਨਾ ਬਣਾਈ ਹੋਈ ਹੈ।
ਆੜ੍ਹਤੀਆਂ ਦਾ ਭਾਜਪਾ ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਕੇ ਦਬਾਅ ਬਣਾਉਣ ਦਾ ਪੈਂਤੜਾ ਅਜ਼ਮਾ ਰਹੀ ਹੈ ਕਿਉਂਕਿ ਉਨ੍ਹਾਂ ਵੱਲੋਂ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਗਿਆ ਹੈ।