ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਵਾਲੇ ਭਾਜਪਾਈ ਵਿਸ਼ਵਾਸ਼ਘਾਤੀ : ਬੀਬੀ ਰਾਜਵਿੰਦਰ ਕੌਰ ਰਾਜੂ
ਭਾਜਪਾ ਤੇ ਉਸਦੇ ਸਹਿਯੋਗੀਆਂ ਨੂੰ ਵੋਟਾਂ ਚ ਕਰਾਰੀ ਹਾਰ ਦੇਣ ਦਾ ਸੱਦਾ
ਜਲੰਧਰ 14 ਫਰਵਰੀ 2022: ਮਹਿਲਾ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜਲੰਧਰ ਚੋਣ ਰੈਲੀ ਤੋਂ ਪਹਿਲਾਂ ਇਲਾਕੇ ਦੇ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਘਰਾਂ ਵਿੱਚ ਬੰਦੀ ਬਣਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿੱਚ ਜਿਸ ਪ੍ਰਧਾਨ ਮੰਤਰੀ ਅਤੇ ਭਾਜਪਾ ਨੂੰ ਆਮ ਲੋਕਾਂ ਅਤੇ ਕਿਸਾਨਾਂ ਤੋਂ ਇੰਨ੍ਹਾਂ ਡਰ ਲਗਦਾ ਹੈ ਤਾਂ ਉਹ ਕਿਸ ਮੂੰਹ ਨਾਲ ਪੰਜਾਬ ਵਾਸੀਆਂ ਤੋਂ ਵੋਟਾਂ ਮੰਗਣ ਆ ਰਹੇ ਹਨ।
ਅੱਜ ਇਥੇ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ, ਚੇਅਰਪਰਸਨ ਮਨਵੀਰ ਕੌਰ ਰਾਹੀ ਤੇ ਜਨਰਲ ਸਕੱਤਰ ਦਵਿੰਦਰ ਕੌਰ ਨੇ ਆਖਿਆ ਕਿ ਮੋਦੀ ਦੀ ਰੈਲੀ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਵਿੱਚ ਚੱਪੇ-ਚੱਪੇ ਉਤੇ ਭਾਰੀ ਪੁਲਿਸ ਤਾਇਨਾਤ ਕਰਵਾਕੇ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਖੇਤ ਮਜ਼ਦੂਰਾਂ ਨੂੰ ਵੀ ਪੱਠੇ ਲੈਣ ਲਈ ਖੇਤਾਂ ਵਿਚ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਮਨਾਂ ਵਿੱਚ ਕਿਸਾਨਾਂ ਪ੍ਰਤੀ ਨਫ਼ਰਤ ਜੱਗ ਜ਼ਾਹਰ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਹ ਭਗਵਾਂ ਪਾਰਟੀ ਲੋਕਾਂ ਤੋਂ ਵੋਟਾਂ ਮੰਗਣ ਵੇਲੇ ਕਿਸਾਨਾਂ ਨਾਲ ਅਜਿਹਾ ਵਰਤਾਉ ਕਰ ਰਹੀ ਹੈ ਤਾਂ ਵੋਟਾਂ ਪਿੱਛੋਂ ਉਹ ਆਮ ਲੋਕਾਂ ਅਤੇ ਕਿਸਾਨਾਂ ਨਾਲ ਕਿਹੋ-ਜਿਹਾ ਵਰਤਾਉ ਕਰੇਗੀ ਉਹ ਤਾਜ਼ਾ ਘਟਨਾਵਾਂ ਬਿਆਨ ਕਰਦੀਆਂ ਹਨ।
ਪੰਜਾਬੀਆਂ ਤੋਂ ਵੋਟਾਂ ਮੰਗਣ ਆ ਰਹੇ ਮੋਦੀ, ਅਮਿਤ ਸ਼ਾਹ ਤੇ ਹੋਰ ਭਾਜਪਾ ਨੇਤਾਵਾਂ ਉਤੇ ਵਰਦਿਆਂ ਮਹਿਲਾ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਲਿਖਤੀ ਸਮਝੌਤਾ ਕਰਕੇ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਵਾਲੇ ਇਨ੍ਹਾਂ ਵਿਸ਼ਵਾਸ਼ਘਾਤੀ ਆਗੂਆਂ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਆਪਣੀਆਂ ਚੋਣ ਰੈਲੀਆਂ ਤੇ ਬੱਜਟ ਇਜਲਾਸ ਦੌਰਾਨ ਇਸ ਪਾਰਟੀ ਦੇ ਨੇਤਾਵਾਂ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਕਰਨ ਬਾਰੇ ਧਾਰੀ ਚੁੱਪ ਦੇਸ਼ ਦੇ ਕਿਸਾਨਾਂ ਨੂੰ ਗੁੱਝੇ ਸੰਕੇਤ ਦੇ ਰਹੀ ਹੈ।
ਪੰਜਾਬ ਵਿੱਚ ਭਾਜਪਾ ਨਾਲ ਚੋਣ ਗੱਠਜੋੜ ਕਰਨ ਵਾਲੇ ਨੇਤਾਵਾਂ ਅਤੇ ਭਗਵਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵੀ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਲਈ ਹੋਕਾ ਦਿੰਦਿਆਂ ਮਹਿਲਾ ਕਿਸਾਨ ਯੂਨੀਅਨ ਆਗੂਆਂ ਨੇ ਸੂਬੇ ਦੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਿਕ ਭਾਜਪਾ ਤੇ ਉਸਦੇ ਸਹਿਯੋਗੀ ਦਲਾਂ ਦਾ ਪੂਰਨ ਬਾਈਕਾਟ ਕਰਦੇ ਹੋਏ ਚੋਣਾਂ ਵਿੱਚ ਕਰਾਰੀ ਹਾਰ ਦੇਣ ਅਤੇ ਪਿੰਡਾਂ ਵਿੱਚ ਦਾਖਲ ਹੋਣ ਵੇਲੇ ਸਿੱਧੇ ਸਵਾਲ ਕੀਤੇ ਜਾਣ।