ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ: ਬਾਬਾ ਹਰਨਾਮ ਸਿੰਘ ਖ਼ਾਲਸਾ
- ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਮਹਿਤਾ 19 ਨਵੰਬਰ 2021 - ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਤਿੰਨੇ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ, ਤੇ ਇਸ ਨੂੰ ਦੇਰ ਆਏ ਦਰੁਸਤ ਆਏ ਕਿਹਾ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਖੇਤੀ ਬਾਰੇ ਕੋਈ ਵੀ ਕਾਨੂੰਨ ਕਿਸਾਨਾਂ ਨੂੰ ਭਰੋਸੇ ਵਿਚ ਲੈ ਕੇ ਹੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਲੇ ਕਾਨੂੰਨ ਰੱਦ ਕਰਦਿਆਂ ਮਜ਼ਬੂਤ ਇੱਛਾ ਸ਼ਕਤੀ ਨਾਲ ਕਿਸਾਨੀ ਦੇ ਹੱਕ ’ਚ ਜੋ ਫ਼ੈਸਲਾ ਲਿਆ ਹੈ ਉਸ ਨੂੰ ਨਿਰੰਤਰ ਜਾਰੀ ਰੱਖਣਾ ਹੋਵੇਗਾ। ਇਸ ਮੌਕੇ ਉਨ੍ਹਾਂ ਸ੍ਰੀ ਕਰਤਾਰਪੁਰ ਅੰਤਰਰਾਸ਼ਟਰੀ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਲਾਂਘੇ ਨੂੰ ਨਿਰੰਤਰ ਜਾਰੀ ਰੱਖਣ ਅਤੇ ਸ਼ਰਧਾਲੂਆਂ ਦੀ ਯਾਤਰਾ ਪ੍ਰਤੀ ਉਚਿੱਤ ਤੇ ਸੁਖਾਲਾ ਪ੍ਰਬੰਧ ਕਰਨ ਲਈ ਵੀ ਕਿਹਾ।