ਹਰੀਸ਼ ਕਾਲੜਾ
- ਡਿਪਟੀ ਕਮਿਸ਼ਨਰ ਨੇ ਕਣਕ ਮੰਡੀ ਰੂਪਨਗਰ ਦਾ ਕੀਤਾ ਦੌਰਾ ਅਤੇ ਅਧਿਕਾਰੀਆਂ ਨੂੰ ਜਰੂਰੀ ਪ੍ਰਬੰਧ ਕਰਨ ਸਬੰਧੀ ਦਿੱਤੇ ਨਿਰਦੇਸ਼
ਰੂਪਨਗਰ, 12 ਅਪ੍ਰੈਲ 2020 - ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਂਦੀ ਜਾਵੇ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਜੇਕਰ ਹਾਰਵੈਸਟਰ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਤੋਂ ਵੱਧ ਨਮੀ ਵਾਲੀ ਅਤੇ ਗਿੱਲੀ ਕਣਕ ਵੱਢੀ ਜਾਂਦੀ ਹੈ ਤਾਂ ਉਨ੍ਹਾਂ ਦੇ ਖਿਲਾਫ ਨਿਯਮਾਂ ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਜੇਕਰ ਮੰਡੀਆਂ ਵਿੱਚ ਗਿੱਲੀ ਕਣਕ ਲੈ ਕੇ ਆਉਂਣਗੇ ਤਾਂ ਉਨ੍ਹਾਂ ਨੂੰ ਉਸੇਂ ਸਮੇਂ ਵਾਪਿਸ ਮੋੜ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਫਸਲ ਮੰਡੀਆਂ ਵਿੱਚ ਲੈ ਆਉਣ ਲਈ ਦੁਬਾਰਾ ਕੂਪਨ ਜਾਰੀ ਨਹੀਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ,ਅਨਾਜ ਮੰਡੀ ਰੂਪਨਗਰ ਵਿਖੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀ ਵਿੱਚ ਜ਼ਰੂਰੀ ਪ੍ਰਬੰਧ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ ।ਇਸ ਮੌਕੇ ਤੇ ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਅਜ਼ੈਪਾਲ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਰਤ ਖੁਰਾਕ ਨਿਗਮ (ਐੱਫ.ਸੀ.ਆਈ.) ਵਲੋਂ ਨਿਧਾਰਿਤ ਕੀਤੇ ਗਏ 12 ਫ਼ੀਸਦੀ ਨਮੀ ਦੇ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਨਾ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਬੇਵਜ੍ਹਾ ਮੰਡੀਆਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਕਿਸਾਨ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ ਵਾਇਰਸ) ਵਿਸ਼ਵ ਭਰ ਵਿਚ ਫੈਲੀ ਹੋਈ ਹੈ, ਇਸ ਲਈ ਕੋਵਿਡ-19 ਦੇ ਮੱਦੇਨਜ਼ਰ ਹਾੜ੍ਹੀ ਸੀਜ਼ਨ ਦੌਰਾਨ ਭੀੜ ਨੂੰ ਰੋਕਣ ਲਈ, ਹਾਰਵੈਸਟਰ ਕੰਬਾਈਨਾਂ ਦੁਆਰਾ ਕਣਕ ਦੀ ਕਟਾਈ ਸਿਰਫ਼ ਦਿਨ ਦੇ ਸਮੇਂ ਦੌਰਾਨ ਸਵੇਰੇ 6:00 ਵਜੇ ਤੋਂ ਸ਼ਾਮ 7:00 ਵਜੇ ਤੱਕ ਸੀਮਤ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਰਾਤ ਦੇ ਸਮੇਂ ਦੌਰਾਨ ਸ਼ਾਮ 7:00 ਤੋਂ ਸਵੇਰੇ 6:00 ਵਜੇ ਤੱਕ ਕਟਾਈ ਲਈ ਲਈ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਹਾਰਵੈਸਟਰ ਕੰਬਾਈਨ ਮਾਲਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।
ਕੋਵਿਡ-19 ਬਿਮਾਰੀ ਤੋਂ ਬਚਣ ਲਈ ਉਨ੍ਹਾਂ ਕਿਸਾਨਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੈਨੇਟਾਈਜ਼ਰ ਦੀ ਸੁਵਿਧਾ ਅਤੇ ਘੱਟ ਤੋਂ ਘੱਟ 2 ਮੀਟਰ ਦੀ ਦੂਰੀ ਆਦਿ ਦੀ ਪਾਲਣਾ ਕਰਨੀ ਕੰਬਾਈਨਾਂ ਦੇ ਮਾਲਕਾਂ ਵਲੋਂ ਆਪਣੇ ਪੱਧਰ 'ਤੇ ਕਰਨੀ ਯਕੀਨੀ ਬਣਾਈ ਜਾਵੇ ਅਤੇ ਹਰੇਕ ਵਿਅਕਤੀ ਵਲੋਂ ਮਾਸਕ ਲਗਾਉਣ ਯਕੀਨੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕਾਮਾ ਖੰਘ, ਬੁਖਾਰ ਜਾਂ ਸਾਹ ਲੈਣ ਸਮੇਂ ਪੀੜਤ ਜਾਂ ਢਿੱਲਾ ਮੱਠਾ ਹੋਵੇ, ਤਾਂ ਅਜਿਹੇ ਕਾਮੇ ਨੂੰ ਕੰਮ ਕਰਨ ਤੋਂ ਤੁਰੰਤ ਰੋਕ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਸੰਬੰਧੀ ਵੱਖ-ਵੱਖ ਥਾਵਾਂ 'ਤੇ 47 ਮੰਡੀਆਂ ਸਥਪਿਤ ਕੀਤੀਆਂ ਗਈਆਂ ਹਨ ਅਤੇ ਮੰਡੀਆਂ ਵਿਚ ਆੜ੍ਹਤੀਆਂ ਵਲੋਂ ਹੀ ਕਿਸਾਨਾਂ ਨੂੰ ਵਿਸ਼ੇਸ਼ ਕੂਪਨ ਜਾਰੀ ਕੀਤੇ ਜਾਣਗੇ ਅਤੇ ਇਹੀ ਕੂਪਨ ਉਨ੍ਹਾਂ ਲਈ ਕਰਫ਼ਿਊ ਪਾਸ ਹੋਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਅਦਾਇਗੀ ਵੀ ਆੜ੍ਹਤੀਆਂ ਰਾਹੀਂ 48 ਘੰਟੇ ਅੰਦਰ ਹੋਵੇਗੀ। ਕਿਸਾਨਾਂ ਨੂੰ ਨਿਰਧਾਰਿਤ ਤਾਰੀਖ 'ਤੇ ਮੰਡੀ ਵਿਚ ਨਿਰਧਾਰਿਤ ਮਾਤਰਾ ਵਿਚ ਕਣਕ ਲੈ ਕੇ ਆਉਣਾ ਪਵੇਗਾ। ਇਸ ਬਾਰੇ ਕਿਸਾਨਾਂ ਨੂੰ ਕੂਪਨ ਦੇਣ ਸਮੇਂ ਤਾਰੀਖ ਵੀ ਆੜ੍ਹਤੀਏ ਹੀ ਦੇਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫਸਰ ਅਤੇ ਹੋਰ ਵੱਖ ਵੱਖ ਏਜੰਸੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਸਮਾਜਿਕ ਦੂਰੀ ਬਣਾਈ ਜਾਵੇ ਅਤੇ ਕਿਸਾਨਾਂ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾਣ।