← ਪਿਛੇ ਪਰਤੋ
ਕਿਹਾ ਕਿ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਖਤਿਆਰੀ ਫੰਡਾਂ ਦਾ ਇਸਤੇਮਾਲ ਕੋਵਿਡ-19 ਰਾਹਤ ਕਾਰਜਾਂ ਲਈ ਕਰਨਾ ਚਾਹੀਦਾ ਹੈ ਚੰਡੀਗੜ੍ਹ 07 ਅਪ੍ਰੈਲ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਨਡੀਏ ਸਰਕਾਰ ਦੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿਚ 30 ਫੀਸਦੀ ਕਟੌਤੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਿਹਾ ਹੈ ਕਿ ਉਹ ਕੋਵਿਡ-19 ਦੀ ਮਹਾਂਮਾਰੀ ਖ਼ਿਲਾਫ ਲੜਾਈ ਵਾਸਤੇ ਫੰਡ ਜੁਟਾਉਣ ਲਈ ਵਿੱਤੀ ਸਾਲ 2020-21 ਦੌਰਾਨ ਸਾਰੇ ਮੰਤਰੀਆਂ, ਵਿਧਾਇਕਾਂ, ਵੱਖ ਵੱਖ ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਂਨਾਂ, ਸਲਾਹਕਾਰ ਅਤੇ ਵਿਸ਼ੇਸ਼ ਕਾਰਜ ਸਾਧਕ ਅਧਿਕਾਰੀਆਂ ਦੀਆਂ ਤਨਖਾਹਾਂ ਵਿਚ 30 ਫੀਸਦੀ ਕਟੌਤੀ ਕਰਨ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ ਉੱਤੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਸਾਰੇ ਸਿਆਸੀ ਅਹੁਦੇਦਾਰਾਂ ਅਤੇ ਤਕਨੀਕੀ ਮਾਹਿਰਾਂ ਦੀਆਂ ਤਨਖਾਹਾਂ ਵਿਚ ਵੀ 30 ਫੀਸਦੀ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਮੌਜੂਦਾ ਵਿੱਤੀ ਸਾਲ ਦੌਰਾਨ ਸਾਰੇ ਮੰਤਰੀਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਵਿਦੇਸ਼ ਯਾਤਰਾ ਉੱਤੇ ਪਾਬੰਦੀ ਲਾਉਣ ਸੰਬੰਧੀ ਵੀ ਨਿਰਦੇਸ਼ ਜਾਰੀ ਕਰਨ ਅਤੇ ਮੁੱਖ ਮੰਤਰੀ ਵੀ ਇਸ ਪਾਬੰਦੀ ਦੇ ਦਾਇਰੇ ਹੇਠ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦਾ ਬੁਨਿਆਦੀ ਢਾਂਚਾ ਸੁਧਾਰਨ ਅਤੇ ਸਿਹਤ ਕਾਮਿਆਂ ਨੂੰ ਸੁਰੱਖਿਅਤ ਸਿਹਤ ਉਪਕਰਨ ਮੁਹੱਈਆ ਕਰਾਉਣ ਵਾਸਤੇ ਫੰਂਡ ਜੁਟਾਉਣ ਲਈ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਕੋਈ ਵੀ ਸਰਕਾਰੀ ਇਸ਼ਤਿਹਾਰ ਜਾਰੀ ਨਾ ਕੀਤਾ ਜਾਵੇ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਇਸ ਸੰਬੰਧੀ ਵੀ ਨਿਰਦੇਸ਼ ਜਾਰੀ ਕਰਨ ਕਿ ਵਿੱਤੀ ਵਰ੍ਹੇ 2020-21 ਦੌਰਾਨ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਖ਼ਤਿਆਰੀ ਫੰਡਾਂ ਦਾ ਇਸਤੇਮਾਲ ਸਿਰਫ ਕੋਵਿਡ-19 ਰਾਹਤ ਕਾਰਜਾਂ ਲਈ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਮੌਜੂਦਾ ਵਿੱਤੀ ਸਾਲ ਦੇ ਪੇਂਡੂ ਵਿਕਾਸ ਫੰਡ ਅਤੇ ਮੰਡੀ ਬੋਰਡ ਦੇ ਫੰਡਾਂ ਨੂੰ ਵੀ ਕੋਵਿਡ-19 ਮਹਾਂਮਾਰੀ ਦੇ ਟਾਕਰੇ ਲਈ ਰਾਂਖਵੇਂ ਰੱਖਣਾ ਚਾਹੀਦਾ ਹੈ।
Total Responses : 267