ਦਿਨੇਸ਼ ਰਿਸ਼ੀ
- ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ - ਤ੍ਰਿਪਤ ਬਾਜਵਾ
- ਨੈਗੇਟਿਵ ਨਤੀਜੇ ਵਾਲੇ ਸ਼ਰਧਾਲੂਆਂ ਨੂੰ ਘਰਾਂ ਵਿੱਚ ਭੇਜਣ ਬਾਰੇ ਸਰਕਾਰ ਕਰ ਰਹੀ ਵਿਚਾਰ
ਗੁਰਦਾਸਪੁਰ, 3 ਮਈ 2020 - ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਅਤੇ ਹੋਰ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਿਹਤ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਅਤੇ ਸਾਰੇ ਸ਼ਰਧਾਲੂ ਅਤੇ ਹੋਰ ਵਿਅਕਤੀ ਰਾਜ਼ੀ-ਖੁਸ਼ੀ ਆਪਣੇ ਘਰਾਂ ਨੂੰ ਪਰਤਣਗੇ। ਬਾਜਵਾ ਅੱਜ ਬਟਾਲਾ ਵਿਖੇ ਬਣੇ ਕੋਵਿਡ ਕੇਅਰ ਸੈਂਟਰਾਂ ਵਿਖੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਰਾਜ਼ੀ-ਖੁਸ਼ੀ ਪੁੱਛਣ ਲਈ ਉਨ੍ਹਾਂ ਕੋਲ ਗਏ ਸਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਸ. ਬਟਾਲਾ ਬਲਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਬਾਜਵਾ ਨੇ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਦੇ ਸੈਂਪਲ ਲੈ ਲਏ ਗਏ ਹਨ ਅਤੇ ਉਹ ਰੱਬ ਅੱਗੇ ਅਰਦਾਸ ਕਰਦੇ ਹਨ ਕਿ ਸਾਰਿਆਂ ਦੇ ਨਤੀਜੇ ਚੰਗੇ ਹੀ ਆਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਟੈੱਸਟਾਂ ਦੇ ਨਤੀਜੇ ਨੈਗੇਟਿਵ ਆਉਣਗੇ ਸਰਕਾਰ ਉਨ੍ਹਾਂ ਸ਼ਰਧਾਲੂਆਂ ਨੂੰ ਘਰ ਭੇਜਣ ਬਾਰੇ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਖ਼ਰੀ ਫ਼ੈਸਲਾ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਸਾਹਿਬ ਵੱਲੋਂ ਲਿਆ ਜਾਵੇਗਾ।
ਬਾਜਵਾ ਨੇ ਸ਼ਰਧਾਲੂਆਂ ਨੂੰ ਭਰੋਸਾ ਦਿੱਤਾ ਕਿ ਉਹ ਬਿਲਕੁਲ ਫ਼ਿਕਰ ਨਾ ਕਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕੋਆਂਰੰਟਾਈਨ ਕੇਂਦਰਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ 24 ਘੰਟੇ ਸ਼ਰਧਾਲੂਆਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਸ਼ਰਧਾਲੂਆਂ ਨੂੰ ਇਕਾਂਤਵਾਸ ਕੇਂਦਰਾਂ ਵਿੱਚ ਘਰ ਵਰਗਾ ਮਹੌਲ ਅਤੇ ਸਹੂਲਤਾਂ ਮਿਲਣ।
ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਕਿਸੇ ਵੀ ਮੈਡੀਕਲ ਐਮਰਜੈਂਸੀ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਕੋਰੋਨਾ ਪਾਜਿਟਵ ਵੀ ਆਏ ਹਨ ਸਿਹਤ ਵਿਭਾਗ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਹ ਵੀ ਜਲਦ ਹੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤਣਗੇ। ਬਾਜਵਾ ਨੇ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਸਬਰ ਤੇ ਹੌਸਲੇ ਨੂੰ ਬਰਕਰਾਰ ਰੱਖਣ ਪ੍ਰਮਾਤਮਾ ਜ਼ਰੂਰ ਕਿਰਪਾ ਕਰੇਗਾ। ਇਸ ਮੌਕੇ ਸ. ਬਾਜਵਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਅਮਲੇ ਨਾਲ ਵੀ ਗੱਲ ਬਾਤ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।