ਕੁਲਵੰਤ ਸਿੰਘ ਬੱਬੂ
ਮਿਸ਼ਨ ਫ਼ਤਿਹ ਤਹਿਤ ਪੁਲਿਸ ਨੇ ਵੰਡੇ ਮਾਸਕ
ਕੋਵਿਡ ਤੋਂ ਬਚਾਅ ਲਈ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ 'ਤੇ ਪੁਲਿਸ ਸਖ਼ਤ
ਰਾਜਪੁਰਾ 10 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਤਹਿਤ ਰਾਜਪੁਰਾ ਪੁਲਿਸ ਵੱਲੋਂ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਰਾਜਪੁਰਾ ਦੇ ਟਰੈਫ਼ਿਕ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਪੀ. ਟਰੈਫ਼ਿਕ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ 'ਚ
ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਜਿਥੇ ਮਾਸਕ ਵੰਡੇ ਜਾ ਰਹੇ ਹਨ, ਉਥੇ ਹੀ ਸਹੀ ਢੰਗ ਨਾਲ ਮਾਸਕ ਪਾਉਣਾ ਵੀ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ ਤੇ ਜਾਗਰੂਕ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਦੀਆਂ ਤਖ਼ਤੀਆਂ ਦੇਕੇ ਕੁੱਝ ਸਮਾਂ ਖੜ੍ਹਾ ਵੀ ਕੀਤਾ ਗਿਆ ਤਾਂ ਜੋ ਨਿਯਮਾਂ ਦੀ ਪਾਲਣਾ ਕਰਨ ਤੋਂ ਅਵੇਸਲੇ ਹੋਏ ਲੋਕਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾ ਸਕੇ।
ਇਸ ਮੌਕੇ ਏ.ਐਸ.ਆਈ ਬਚਨ ਸਿੰਘ, ਮਹਿੰਗਾ ਸਿੰਘ, ਕੁਲਦੀਪ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।