ਅਸ਼ੋਕ ਵਰਮਾ
ਬਠਿੰਡਾ, 10 ਅਕਤੂਬਰ 2020 - ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਲਾਗੂ ਕੀਤੇ ਗਏ ਤਿੰਨ ਨਵੇਂ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦੇ ਸਬੰਧ ਵਿਚ ਰਾਮਪੁਰਾ ਫੂਲ ਰੇਲਵੇ ਸਟੇਸ਼ਨ ’ਤੇ ਧਰਨਾ ਜਾਰੀ ਹੈ। ਕਿਸਾਨਾਂ ਨੇ ਆਖਿਆ ਕਿ ਮੋਦੀ ਸਰਕਾਰ ਸਾਡੀ ਖੇਤੀ ਨੂੰ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆ ਨੂੰ ਵੇਚ ਦੇਣ ਉੱਤੇ ਤੁਲੀ ਹੋਈ ਹੈ ਪਰ ਕਿਸਾਨ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਜਿਲਾ ਪ੍ਰਧਾਨ ਗੁਰਜੰਟ ਸਿੰਘ ਬਾਲਿਆਵਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ,ਬੀਕੇਯੂ ਕਰਾਂਤੀਕਾਰੀ ਪੰਜਾਬ ਦੇ ਜਿਲਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਬੀ ਕੇ ਯੂ ਸਿੱਧੂਪੁਰ ਦੇ ਜਿਲਾ ਆਗੂ ਭੋਲਾ ਸਿੰਘ ਕੋਟੜਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਢਪਾਲੀ, ਕੁੱਲ ਹਿੰਦ ਕਿਸਾਨ ਸਭਾ ਦੇ ਹਰਨੇਕ ਸਿੰਘ ਆਲੀਕੇ ਅਤੇ ਜਮਹੂਰੀ ਕਿਸਾਨ ਸਭਾ ਦੇ ਸੁਖਦੇਵ ਸਿੰਘ ਨਥਾਣਾ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਮੰਗ ਕੀਤੀ ਕਿ ਕਿਸਾਨੀ ਉਪਜਾਂ ਦੀ ਖਰੀਦ ਅਤੇ ਵੇਚ ਸਬੰਧੀ ਵਿਸ਼ੇਸ਼ ਕਾਨੂੰਨ ਪਾਸ ਕੀਤਾ ਜਾਵੇ, ਜਿਹੜਾ ਇਸ ਗਲ ਦੀ ਗਰੰਟੀ ਦਿੰਦਾ ਹੋਵੇ ਕਿ ਸਰਕਾਰ ਵੱਲੋਂ ਤੈਅ ਕੀਤੇ ਗਏ ਘੱਟੋ ਘੱਟ ਖਰੀਦ ਮੁੱਲ ਤੋਂ ਹੇਠਾਂ ਕੋਈ ਵੀ ਵਿਓਪਾਰੀ ਕਿਸਾਨੀ ਉਪਜਾਂ ਦੀ ਖਰੀਦ ਨਹੀਂ ਕਰ ਸਕੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਨਵੇਂ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ। ਬੁਲਾਰਿਆਂ ਨੇ ਕਿਹਾ ਕਿ 30 ਜਥੇਬੰਦੀਆਂ ਦੇ ਫੈਸਲੇ ਮੁਤਾਬਕ ਅਣਮਿੱਥੇ ਸਮੇਂ ਦੇ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਜਾਦ ਰੰਗ ਮੰਚ ਬਰਨਾਲਾ ਵੱਲੋਂ ਕਿਸਾਨ ਪੱਖੀ ਅਤੇ 1947 ਦੀ ਭਾਰਤ ਪਾਕਿਸਤਾਨ ਵੰਡ ਦੇ ਦੁਖਾਂਤ ਉਪਰ ਨਾਟਕ ਵੀ ਖੇਡਿਆ ਗਿਆ। ਸਟੇਜ ਦੀ ਕਾਰਵਾਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੋਲਾ ਸਿੰਘ ਬੁਗਰ ਨੇ ਨਿਭਾਈ । ਭਾਰਤੀ ਖੇਤ ਮਜਦੂਰ ਯੂਨੀਅਨ ਦੇ ਆਗੂ ਕਾਮਰੇਡ ਰਣਜੀਤ ਮਹਿਰਾਜ, ਪੇਂਡੂ ਮਜਦੂਰ ਯੂਨੀਅਨ ਦੇ ਆਗੂ ਦਰਬਾਰਾ ਸਿੰਘ ਫੂਲੇਵਾਲਾ ਨੇ ਵੀ ਕਿਸਾਨਾਂ ਮਜਦੂਰਾਂ ਨੂੰ ਸੰਬੋਧਨ ਕੀਤਾ।