ਰੂਪਨਗਰ: ADC ਨੇ “ਖੇਡਾਂ ਵਤਨ ਪੰਜਾਬ ਦੀਆਂ-2024” ਅਧੀਨ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਕੈਕਿੰਗ ਕੈਨੋਇੰਗ ਰੋਇੰਗ ਅਤੇ ਹੈਂਡਬਾਲ ਦੇ ਰਾਜ ਪੱਧਰੀ ਖੇਡ ਮੁਕਾਬਲੇ 15 ਨਵੰਬਰ ਤੋਂ 21 ਨਵੰਬਰ ਤੱਕ
ਰੂਪਨਗਰ, 8 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਵਿੱਚੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 15 ਨਵੰਬਰ ਤੋਂ 21 ਨਵੰਬਰ ਤੱਕ “ਖੇਡਾਂ ਵਤਨ ਪੰਜਾਬ ਦੀਆਂ -2024” ਅਧੀਨ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਸੱਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੇ ਸ਼ੁਰੂ ਹੋਣ ਤੋਂ ਪਹਿਲਾ ਖੇਡ ਮੈਦਾਨਾਂ ਨੂੰ ਖੇਡਾਂ ਦੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣ ਨੂੰ ਯਕੀਨੀ ਬਣਾਉਣ ਬਣਾਉਣ ਲਈ ਕਿਹਾ ।
ਇਸ ਮੌਕੇ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੂੰ ਖ਼ਿਡਾਰੀਆਂ ਦੀ ਚੰਗੀ ਖੁਰਾਕ ਅਤੇ ਸਾਫ ਸੁਥਰਾ ਪੀਣ ਯੋਗ ਪਾਣੀ ਆਦਿ ਦੇ ਵੀ ਪੁਖੱਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਕਾਰਜ ਸਾਧਕ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਨੂੰ ਖੇਡ ਮੈਦਾਨਾਂ ਦੀ ਸਾਫ ਸਫਾਈ, ਪਖਾਨਿਆਂ ਦੀ ਸਫਾਈ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ।
ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੇ ਸਥਾਨ ਹੈਡਬਾਲ ਲਈ ਨਹਿਰੂ ਸਟੇਡੀਅਮ ਰੂਪਨਗਰ ਅਤੇ ਕੈਕਿੰਗ ਕੈਨੋਇੰਗ ਰੋਇੰਗ ਲਈ ਕੈਕਿੰਗ, ਕੈਨੋਇੰਗ ਤੇ ਰੋਇੰਗ ਸਿਖਲਾਈ ਕੇਂਦਰ ਕਟਲੀ (ਰੂਪਨਗਰ) ਹੋਵੇਗਾ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।