ਰਾਜਵੰਤ ਸਿੰਘ
- ਮਸਲਾ ਹੱਲ ਹੋਣ ਦੀ ਉਮੀਦ ਨਾ ਦੇ ਬਰਾਬਰ, ਫ਼ਿਲਹਾਲ ਰੇਲਵੇ ਟਰੈਕਾਂ ’ਤੇ ਮੋਰਚੇ ਜਾਰੀ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2020 - ਖੇਤੀ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਦੇਸ਼ ਭਰ ਅੰਦਰ ਇੰਨ੍ਹਾਂ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਹੁਣ ਹਰ ਥਾਂ ’ਤੇ ਰੇਲਵੇ ਟਰੈਕਾਂ ’ਤੇ ਪੱਕੇ ਮੋਰਚੇ ਲੱਗੇ ਹੋਏ ਹਨ ਤੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨੇ ’ਤੇ ਡਟੇ ਹੋਏ ਹਨ। ਕਿਸਾਨੀ ਸੰਘਰਸ਼ ਦੇ ਅੱਗੇ ਹੁਣ ਕੇਂਦਰ ਸਰਕਾਰ ਨਮੋਸ਼ ਹੁੰਦੀ ਦਿਖਾਈ ਦੇ ਰਹੀ ਹੈ। ਅੱਜ ਸਵੇਰੇ ਕੇਂਦਰ ਸਰਕਾਰ ਦੇ ਖੇਤੀ ਮੰਤਰਾਲਿਆ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗਿਆ ਸੱਦਾ ਪੱਤਰ ਕਿਸਾਨਾਂ ’ਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਭਾਵੇਂ ਕਿ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਕੋਈ ਚੰਗੀ ਉਮੀਦ ਕਿਸਾਨ ਨਹੀਂ ਲਗਾ ਰਹੇ, ਪਰ ਫ਼ਿਰ ਵੀ ਕੇਂਦਰ ਸਰਕਾਰ ਦੇ ਸੱਦਾ ਪੱਤਰ ਨੂੰ ਲੈ ਕੇ ਚਰਚਾਵਾਂ ਦਾ ਮਾਹੌਲ ਗਰਮ ਜ਼ਰੂਰ ਹੋ ਗਿਆ ਹੈ।
ਭਾਰਤ ਸਰਕਾਰ ਦੇ ਖੇਤੀ ਤੇ ਕਿਸਾਨ ਕਲਿਆਣ ਮੰਤਰਾਲਿਆ ਵੱਲੋਂ ਕਿਸਾਨਾਂ ਨੂੰ ਕਿਸਾਨੀ ਦਾ ਤਰਕ ਦੇ ਕੇ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ, ਜਿਸ ’ਤੇ ਕਿਸਾਨ ਆਗੂਆਂ ਵਿੱਚ ਦੁਚਿੱਤੀ ਪੈਦਾ ਹੋ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਂਦੀਆਂ ਦੇ ਸੂਬਾ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅੱਜ ਗੱਲਬਾਤ ਦਾ ਸੱਦਾ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ 14 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਲਈ ਪੁੱਜਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਹ ਇਸ ਸੱਦੇ ਤਹਿਤ ਜਥੇਬੰਦੀਆਂ ਦੇ ਨਾਲ ਦਿੱਲੀ ਪੁੱਜਣਗੇ। ਵਰਣਨਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦੀ ਰੇਲਵੇ ਟਰੈਕ ’ਤੇ ਕਿਸਾਨ ਪੂਰੀ ਤਰ੍ਹਾਂ ਨਾਲ ਡਟੇ ਹੋਏ ਹਨ। ਅੱਜ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲ਼ਾਫ਼ ਤਿੱਖਾ ਪ੍ਰਦਰਸ਼ਨ ਕੀਤਾ ਤੇ ਖੇਤੀ ਬਿੱਲ ਰੱਦ ਕੀਤੇ ਜਾਣ ਦੀ ਮੰਗ ਕੀਤੀ। ਖ਼ਬਰ ਲਿਖੇ ਜਾਣ ਤੱਕ ਰੇਲਵੇ ਟਰੈਕ ’ਤੇ ਕਿਸਾਨ ਬੈਠੇ ਸਨ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।