ਸੰਜੀਵ ਸੂਦ
ਲੁਧਿਆਣਾ, 3 ਮਈ 2020 - ਲੁਧਿਆਣਾ ਦੇ ਢੰਡਾਰੀ ਕਲਾਂ 'ਚ ਲਾਕ ਡਾਊਨ ਕਾਰਨ ਪਰੇਸ਼ਾਨ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਜੋਰਦਾਰ ਹੰਗਾਮਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਲੁਧਿਆਣਾ-ਦਿੱਲੀ ਮੇਨ ਰੋਡ 'ਤੇ ਉਤਰ ਆਏ ਅਤੇ ਉਨ੍ਹਾਂ ਨੇ ਸੜਕ 'ਤੇ ਆਉਣ ਜਾਣ ਵਾਲੀਆਂ ਮੋਟਰ ਗੱਡੀਆਂ ਅਤੇ ਲੋਕਾਂ 'ਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਵੱਲੋਂ ਇੱਕ ਬੱਸ 'ਤੇ ਵੀ ਹਮਲਾ ਕੀਤਾ ਗਿਆ ਅਤੇ ਜਿਸ 'ਚ ਉਨ੍ਹਾਂ ਵੱਲੋਂ ਬੱਸ ਦੀ ਭੰਨਤੋੜ ਕੀਤੀ ਗਈ। ਪ੍ਰਵਾਸੀ ਮਜ਼ਦੂਰਾਂ ਵੱਲੋਂ ਉਨ੍ਹਾਂ ਨੂੰ ਰੋਕਣ ਆਈ ਪੁਲਿਸ ਪਾਰਟੀ 'ਤੇ ਵੀ ਹਮਲਾ ਕੀਤਾ ਗਿਆ।
ਪ੍ਰਵਾਸੀ ਮਜ਼ਦੂਰਾਂ ਵੱਲੋਂ ਪੁਲਿਸ 'ਤੇ ਹਮਲਾ ਕਰਨ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਭੀੜ ਨੂੰ ਖਦੇੜ ਦਿੱਤਾ ਗਿਆ, ਹਾਲਾਂਕਿ ਇਸ ਦੌਰਾਨ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਬਹੁਤਾ ਕੁੱਝ ਬੋਲਦੇ ਹੋਏ ਦਿਖਾਈ ਨਹੀਂ ਦਿੱਤੇ ਉਨ੍ਹਾਂ ਨੇ ਇਹੀ ਕਿਹਾ ਕਿ ਫਿਲਹਾਲ ਹੁਣ ਹਾਲਾਤ ਕਾਬੂ ਹੇਠ ਨੇ ਅਤੇ ਜਿਸ ਤੋਂ ਬਾਅਦ ਇਲਾਕੇ 'ਚ ਭਾਰੀ ਪੁਲੀਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ।
ਜਿਸ ਤੋਂ ਬਾਅਦ ਇਸ ਘਟਨਾ 'ਤੇ ਸਖਤ ਰਵੱਈਆ ਅਪਨਾਉਦਿਆਂ ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਜਿਨ੍ਹਾਂ ਨੇ ਸ਼ਹਿਰ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਨ੍ਹਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ ਅਤੇ ਪੁਲਿਸ ਵੱਲੋਂ ਇਲਾਕੇ 'ਚ ਫਲੈਗ ਮਾਰਚ ਵੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਹ ਘਟਨਾ ਕਿਉਂ ਵਾਪਰੀ ਇਸ ਸਬੰਧੀ ਪ੍ਰਵਾਸੀ ਮਜ਼ਦੂਰਾਂ ਦੇ ਲੀਡਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਜੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੈ ਤਾਂ ਉਸ ਨੂੰ ਹੱਲ ਕੀਤਾ ਜਾਵੇਗਾ। ਇਸ ਤੋਂ ਬਿਨਾਂ ਇਲਾਕੇ 'ਚ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਭੁੱਖੇ ਢਿੱਡ ਨਾ ਸੌਂਵੇ।
ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਲਾਕੇ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ ਅਤੇ ਡ੍ਰੋਨ ਰਾਹੀਂ ਨਜ਼ਰ ਵੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮੰਜ਼ੂਰੀ ਤੋਂ ਬਾਅਦ ਜਲਦ ਹੀ ਟ੍ਰੇਨ ਸੇਵਾ ਵੀ ਸ਼ੁਰੂ ਹੋ ਜਾਵੇਗੀ ਜਿਸ ਤੋਂ ਬਾਅਦ ਇਹ ਲੋਕ ਵਾਪਿਸ ਆਪਣੇ ਸੂਬੇ 'ਚ ਜਾ ਸਕਣਗੇ।