ਅੱਜ ਤੱਕ 8508 ਵਿੱਚੋਂ 6044 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ - ਡਿਪਟੀ ਕਮਿਸ਼ਨਰ
ਬਿਲਕੁਲ ਵੀ ਨਾ ਘਬਰਾਉਣ ਦੀ ਕੀਤੀ ਅਪੀਲ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ
ਪਿਛਲੇ 24 ਘੰਟਿਆਂ ਦੌਰਾਨ 17 ਮੌਤਾਂ, 393 ਨਵੇਂ ਮਾਮਲੇ ਆਏ ਸਾਹਮਣੇ
ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ - ਡਿਪਟੀ ਕਮਿਸ਼ਨਰ
ਲੁਧਿਆਣਾ, 22 ਅਗਸਤ 2020: ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 8508 ਮਰੀਜ਼ਾਂ ਵਿਚੋਂ 69.86%(5944 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2708 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2258 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 6044 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 393 ਮਰੀਜ਼ (360 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 33 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 100809 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 97975 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 88608 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2834 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8508 ਹੈ, ਜਦਕਿ 859 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 17 ਮੌਤਾਂ ਹੋਈਆਂ ਹਨ (15 ਜ਼ਿਲ੍ਹਾ ਲੁਧਿਆਣਾ ਨਾਲ, 1 ਜ਼ਿਲ੍ਹਾ ਨਵਾਂਸ਼ਹਿਰ ਅਤੇ 1 ਫਤਿਹਗੜ੍ਹ ਸਾਹਬਿ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 303 ਅਤੇ 69 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 30612 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5332 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 361 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।