ਸ਼ੇਰਵਾਨੀ ਕੋਟ (ਮਲੇਰਕੋਟਲਾ), 24 ਦਸੰਬਰ, 2016 : ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਲਏ ਲੋਕ ਪੱਖੀ ਫੈਸਲਿਆਂ ਅਤੇ ਉਪਰਾਲਿਆਂ ਦਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕਰਨ ਦੀ ਕਰੜੀ ਅਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੀਆਂ ਅਸਲ ਦੁਸ਼ਮਣ ਪਾਰਟੀਆਂ ਕਰਾਰ ਦਿੱਤਾ ਹੈ।
ਅੱਜ ਮਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਸੂਬੇ ਵਿੱਚ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੱਕੇ ਕਰਨ ਸਮੇਤ ਸਾਰੇ ਲੋਕ ਪੱਖੀ ਫੈਸਲਿਆਂ 'ਤੇ ਨਜ਼ਰਸਾਨੀ ਕਰਨ ਦੀ ਦਿੱਤੀ ਧਮਕੀ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਜੇਕਰ ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਰਾਜ ਕਰਨ ਦਾ ਮੌਕਾ ਮਿਲ ਜਾਏ ਤਾਂ ਇਹ ਮੁਫਤ ਬਿਜਲੀ ਪਾਣੀ, ਆਟਾ-ਦਾਲ, ਸ਼ਗਨ ਸਕੀਮ ਸਣੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਤੁਰੰਤ ਬੰਦ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨਾ ਤਾਂ ਦੂਰ ਦੀ ਗੱਲ, ਸਰਕਾਰੀ ਭਰਤੀ 'ਤੇ ਹੀ ਮੁਕੰਮਲ ਪਾਬੰਦੀ ਲਾ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਨੇ ਮੁੱਖ ਮੰਤਰੀ ਹੁੰਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਬਿਜਲੀ ਪਾਣੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਵੱਲੋਂ ਇਸ ਖਿਲਾਫ਼ ਲੜੇ ਗਏ ਲੰਮੇ ਸੰਘਰਸ਼ ਤੋਂ ਬਾਅਦ ਹੀ ਇਸ ਸਹੂਲਤ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ।
ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਇਤਿਹਾਸਕ ਬਿੱਲ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਇਕੋ ਵਾਰ ਹੀ ਲਗਪਗ 30 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵੱਡਾ ਫੈਸਲਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਹੀ ਕਿਸਾਨ, ਮੁਲਾਜ਼ਮਾਂ ਅਤੇ ਗਰੀਬ ਪੱਖੀ ਸਰਕਾਰ ਹੈ ਜਿਸ ਨੇ ਆਪਣੇ ਕਾਰਜਕਾਲ ਦੌਰਾਨ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ ਦੇਣ, ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਗਲੇ ਪੰਜ ਸਾਲ ਵੀ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਹੀ ਸਮਰਪਿਤ ਰਹੇਗੀ।
ਇਸ ਉਪਰੰਤ ਇੱਥੇ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਨੂੰ ਕਿਹੜੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜਿਹੜੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਕਹੇਗੀ, ਉਹ ਖਿੜੇ ਮੱਥੇ ਪ੍ਰਵਾਨ ਕਰਕੇ ਉਥੋਂ ਹੀ ਚੋਣ ਲੜਨਗੇ। ਸ. ਬਾਦਲ ਨੇ ਕਿਹਾ ਸਿਆਸਤ ਵਿੱਚ ਪਾਰਟੀ ਸਭ ਤੋਂ ਸੁਪਰੀਮ ਹੁੰਦੀ ਹੈ ਅਤੇ ਉਹ ਆਪਣੇ ਪੂਰੇ ਜੀਵਨ ਵਿੱਚ ਪਾਰਟੀ ਦੇ ਹਰ ਹੁਕਮ 'ਤੇ ਫੁੱਲ ਚੜ੍ਹਾਉਂਦੇ ਆਏ ਹਨ।
ਕਾਂਗਰਸ ਨੂੰ ਪੰਜਾਬ ਤੇ ਸਿੱਖ ਵਿਰੋਧੀ ਪਾਰਟੀ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਿਸ਼ਵਾਸਘਾਤ ਅਤੇ ਬੱਜਰ ਗੁਨਾਹਾਂ ਨੂੰ ਪੰਜਾਬੀ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ 1984 ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਸਭ ਤੋਂ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਦਿੱਲੀ 'ਚ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਲਕ ਵਿੱਚ ਲੰਮਾ ਸਮਾਂ ਸੱਤਾ ਦਾ ਸੁਖ ਭੋਗਿਆ ਪਰ ਇਸ ਪਾਰਟੀ ਨੇ ਪੰਜਾਬ ਨਾਲ ਆਰਥਿਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬੇਇਨਸਾਫੀ ਅਤੇ ਧੱਕੇਸ਼ਾਹੀ ਕੀਤੀ।
ਕੈਲਗਰੀ (ਕੈਨੇਡਾ) ਦੇ ਇਕ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਦੀ ਵਾਪਰੀ ਘਟਨਾ ਨੂੰ ਸ਼ਰਮਨਾਕ ਕਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਪੂਰੀ ਮਨੁੱਖਤਾ ਖਾਸ ਕਰਕੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਸ. ਬਾਦਲ ਨੇ ਕਿਹਾ ਕਿ ਮਾਨਵਤਾ ਵਿਰੁੱਧ ਵਾਪਰੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਵੇ ਕਿਉਂ ਜੋ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।
ਸੰਗਤ ਦਰਸ਼ਨ ਪ੍ਰੋਗਰਾਮ ਨੂੰ ਅਕਾਲੀ-ਭਾਜਪਾ ਸਰਕਾਰ ਦਾ ਸਭ ਤੋਂ ਲੋਕ ਪੱਖੀ ਪ੍ਰੋਗਰਾਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਸਿੱਧੀ ਮਿਲਣੀ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਇਹ ਸਭ ਤੋਂ ਕਾਰਗਾਰ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਬਣਦਿਆਂ ਲੋਕ ਮਿਲਣੀ ਦਾ ਪ੍ਰੋਗਰਾਮ ਸ਼ੁਰੂ ਕੀਤਾ ਸੀ ਪਰ ਉਹ ਪਹਿਲੇ ਦਿਨ ਹੀ ਇਹ ਪ੍ਰੋਗਰਾਮ ਵਿਚਾਲੇ ਛੱਡ ਕੇ ਚਲੇ ਗਏ ਅਤੇ ਮੁੜ ਕਦੇ ਵੀ ਦਿੱਲੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਨਹੀਂ ਗਏ। ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਮੁਫਤ ਬਿਜਲੀ, 50 ਹਜ਼ਾਰ ਤੱਕ ਵਿਆਜ ਮੁਕਤ ਕਰਜ਼ਾ, ਮੁਫਤ ਇਲਾਜ ਤੇ ਬੀਮਾ ਸਹੂਲਤ ਦੇਣ ਤੋਂ ਇਲਾਵਾ ਗਰੀਬ ਵਰਗਾਂ ਨੂੰ ਆਟਾ-ਦਾਲ, ਸ਼ਗਨ ਸਕੀਮ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਅੱਜ ਮਲੇਰਕੋਟਲਾ ਹਲਕੇ ਧਲੇਰ ਕਲਾਂ, ਸੰਦੌੜ, ਸ਼ੇਰਵਾਨੀ ਕੋਟ, ਫਿਰੋਜ਼ਪੁਰ ਕੁਠਾਲਾ ਆਦਿ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਵਿਧਾਇਕ ਅਮਰਗੜ੍ਹ ਸ. ਇਕਬਾਲ ਸਿੰਘ ਝੂੰਦਾ, ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਮੁਹੰਮਦ ਉਵੈਸ ਦੇ ਪੁੱਤਰ ਮੁਹੰਮਦ ਮੋਵਿਜ਼, ਸਾਬਕਾ ਮੰਤਰੀ ਸ੍ਰੀ ਨੁਸਰਤ ਇਕਰਾਮ ਖਾਂ ਬੱਗਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆ, ਡਿਪਟੀ ਕਮਿਸ਼ਨਰ ਸ੍ਰੀ ਜਸਕਿਰਨ ਸਿੰਘ, ਡੀ.ਆਈ.ਜੀ. ਸ੍ਰੀ ਜਸਕਰਨ ਸਿੰਘ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਇੰਦਰਬੀਰ ਸਿੰਘ ਹਾਜ਼ਰ ਸਨ।