ਗੁਰਦਾਸਪੁਰ, 5 ਅਕਤੂਬਰ, 2017 : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਆਖਿਆ ਕਿ ਲੋਕ ਸਭਾ ਵਿਚ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਾ ਕੋਈ ਕਿਸਾਨ ਨੇਤਾ ਨਾ ਹੋਣ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਪੂਰੀ ਤਰਾਂ ਦਰਕਿਨਾਰ ਕਰ ਦਿੱਤਾ ਹੈ। ਉਨਾਂ ਆਖਿਆ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਖੇਤੀ ਅਰਥਚਾਰੇ ਦਾ ਭੱਠਾ ਬਿਠਾ ਦਿੱਤਾ ਹੈ।
ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਚ ਲੜੀਵਾਰ ਨੀਤੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਨੇ ਆਖਿਆ ਕਿ ਲੋਕ ਸਭਾ ਵਿਚ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਕਿਸਾਨ ਲੀਡਰ ਨਾ ਹੋਣ ਕਰਕੇ ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ ਸਮੇਤ ਹੋਰ ਮਹੱਤਵਪੂਰਨ ਫੈਸਲਿਆਂ ਵਿਚ ਕਿਸਾਨਾਂ ਨੂੰ ਪੂਰੀ ਤਰਾਂ ਅਣਗੌਲਿਆ ਜਾ ਰਿਹਾ ਹੈ। ਉਨਾਂ ਆਖਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਟਰੈਕਟਰਾਂ ਅਤੇ ਇੱਥੋਂ ਤੱਕ ਕਿ ਆਟੇ ’ਤੇ ਵੀ ਜੀ.ਐਸ.ਟੀ ਲਾ ਦਿੱਤਾ ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨਾਂ ਨੇ ਲੋਕ ਸਭਾ ਵਿਚ ਕਿਸਾਨਾਂ ਦੇ ਹੱਕਾਂ ਲਈ ਲੜਣ ਦਾ ਵਾਅਦਾ ਕੀਤਾ।
ਸ੍ਰੀ ਜਾਖੜ ਨੇ ਆਖਿਆ ਕਿ ਉਹ ਖੁਦ ਕਿਸਾਨ ਹੋਣ ਕਰਕੇ ਕਿਸਾਨ ਭਾਈਚਾਰੇ ਦੀ ਹਾਲਤ ਨੂੰ ਚੰਗੀ ਤਰਾਂ ਸਮਝ ਸਕਦੇ ਹਨ ਜਿਨਾਂ ਦੀ ਦਸਾਂ-ਨਹੁੰਆਂ ਦੀ ਕਿਰਤ ਕਮਾਈ ਨੂੰ ਕੇਂਦਰ ਸਰਕਾਰ ਵੱਲੋਂ ਠੱਗਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲ ਰਹੀ ਹੈ। ਉਨਾਂ ਨੇ ਹੈਰਾਨੀ ਜ਼ਾਹਰ ਕੀਤੀ ਕਿ ਖੁਦ ਨੂੰ ਕਿਸਾਨ ਦੱਸਣ ਵਾਲੇ ਬਾਦਲ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਮੁੱਖ ਮੰਤਰੀ ਹੁੰਦਿਆਂ ਮੋਦੀ ਸਰਕਾਰ ਕੋਲ ਕਿਸਾਨਾਂ ਦੀ ਗੱਲ ਕਰਨ ਵਿਚ ਨਾਕਾਮ ਰਹੇ ਹਨ।
ਸੰਸਦ ਵਿਚ ਸਮਾਜ ਦੇ ਹਰੇਕ ਵਰਗ ਦੀ ਆਵਾਜ਼ ਚੁੱਕਣ ਦਾ ਪ੍ਰਣ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪੰਜਾਬ ਵਿਚ ਪਿਛਲੀ ਬਾਦਲ ਸਰਕਾਰ ਅਤੇ ਕੇਂਦਰ ਵਿਚ ਇਸ ਵੇਲੇ ਦੀ ਮੋਦੀ ਸਰਕਾਰ ਦਾ ਮਕਸਦ ਆਮ ਲੋਕਾਂ ਦੀ ਕੀਮਤ ’ਤੇ ਆਪਣੇ ਖਜ਼ਾਨੇ ਭਰਨਾ ਹੈ। ਉਨਾਂ ਆਖਿਆ ਕਿ ਆਮ ਆਦਮੀ ਨੂੰ ਤਾਂ ਆਪਣੇ ਬੱਚੇ ਦੇ ਸਕੂਲ ਦੀ ਫੀਸ ਲਈ 450 ਰੁਪਏ ਦਾ ਬੰਦੋਬਸਤ ਕਰਨ ਦਾ ਫਿਕਰ ਸਤਾਉਂਦਾ ਹੈ ਜਦਕਿ ਦੂਜੇ ਪਾਸੇ ਮੋਦੀ 4 ਕਰੋੜ 50 ਲੱਖ ਰੁਪਏ ਦੀ ਕੀਮਤ ਦਾ ਸੂਟ ਪਾਉਂਦੇ ਹਨ।
ਬਲਾਤਕਾਰ ਦੇ ਕੇਸ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸਬੰਧੀ ਸ੍ਰੀ ਜਾਖੜ ਨੇ ਆਖਿਆ ਕਿ ਕੁਝ ਲੋਕ ਆਪਣੇ ਭੈੜੇ ਕਾਰਨਾਮਿਆਂ ਨਾਲ ਪੰਥ ਨੂੰ ਬਦਨਾਮ ਕਰ ਰਹੇ ਹਨ। ਉਨਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿਚ ਅਕਾਲੀ-ਭਾਜਪਾ ਗਠਜੋੜ ਨੇ ਕੀ ਕੀਤਾ, ਇਸ ਬਾਰੇ ਸਭ ਕੁਝ ਲੋਕਾਂ ਦੇ ਸਾਹਮਣੇ ਹੀ ਹੈ। ਸ੍ਰੀ ਜਾਖੜ ਨੇ ਕੀਟਨਾਸ਼ਕ ਘੁਟਾਲੇ ਦਾ ਜ਼ਿਕਰ ਕੀਤਾ ਜਿਸ ਵਿਚ ਸਾਬਕਾ ਖੇਤੀ ਮੰਤਰੀ ਤੋਤਾ ਸਿੰਘ ਦੀ ਕਥਿਤ ਸ਼ਮੂਲੀਅਤ ਸੀ।
ਪੰਥ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਬਾਦਲ ’ਤੇ ਨਿਸ਼ਾਨਾ ਵਿੰਨਦਿਆਂ ਸ੍ਰੀ ਜਾਖੜ ਨੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਚੇਤੇ ਕਰਦਿਆਂ ਆਖਿਆ ਕਿ ਗੋਲੀ ਦੇ ਹੁਕਮ ਉਸ ਵੇਲੇ ਦੇ ਮੁੱਖ ਮੰਤਰੀ ਦੇ ਘਰੋਂ ਹੋਏ ਸਨ ਜੋ ਬਰਗਾੜੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਸ੍ਰੀ ਜਾਖੜ ਨੇ ਬਾਦਲ ਸਰਕਾਰ ਵੱਲੋਂ ਅਨਾਜ ਘੁਟਾਲੇ ਰਾਹੀਂ ਇੱਧਰ-ਉੱਧਰ ਕੀਤੇ 32 ਹਜ਼ਾਰ ਕਰੋੜ ਰੁਪਏ ਦਾ ਇਕ ਇਕ ਪੈਸਾ ਵਾਪਸ ਲਿਆਉਣ ਦਾ ਅਹਿਦ ਲਿਆ। ਇਸ ਦੇ ਨਾਲ ਹੀ ਉਨਾਂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਹੈ। ਉਨਾਂ ਆਖਿਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਇਹ ਵੱਡਾ ਫੈਸਲਾ ਲਿਆ ਹੈ।
ਕਾਂਗਰਸੀ ਉਮੀਦਵਾਰ ਨੇ ਜ਼ਰੂਰੀ ਵਸਤਾਂ ਖਾਸ ਤੌਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਆਸਮਾਨ ਛੂੰਹਦੀਆਂ ਕੀਮਤਾਂ ਲਈ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਆਖਿਆ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਆਵਾਜ਼ ਉਠਾਉਣਗੇ।
ਸ੍ਰੀ ਜਾਖੜ ਨੇ ਇਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਲੋਕਾਂ ਨਾਲ ਜੁੜੇ ਮਸਲਿਆਂ ’ਤੇ ਉਨਾਂ ਨਾਲ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।
ਇਸ ਮੌਕੇ ਸ੍ਰੀ ਜਾਖੜ ਨਾਲ ਪਾਰਟੀ ਦੇ ਕਈ ਵਿਧਾਇਕ ਵੀ ਹਾਜ਼ਰ ਸਨ।
ਅੱਜ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਜਿਸ ਨਾਲ 11 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ।