ਮਨਿੰਦਰਜੀਤ ਸਿੱਧੂ
ਜੈਤੋ, 10 ਅਪ੍ਰੈਲ 2020 - ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸੂਬੇ ਵਿੱਚ ਸਿਹਤ ਪ੍ਰਬੰਧਾਂ ਦੀ ਖਸਤਾ ਹਾਲਤ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਫੌਰੀ ਢੁਕਵੇਂ ਕਦਮ ਚੁੱਕਣ ਲਈ ਕਿਹਾ। ਆਪਣੇ ਪੱਤਰ ਵਿੱਚ ਬਲਦੇਵ ਸਿੰਘ ਨੇ ਜ਼ਿਕਰ ਕੀਤਾ ਹੈ ਕਿ, ਕਰਫਿਊ ਕਾਰਨ ਲੋਕਾਂ ਨੂੰ ਰੋਜ਼ ਮਰ੍ਹਾ ਦੀਆਂ ਵਸਤਾਂ ਜਿਸ ਵਿੱਚ ਰਸੋਈ ਦਾ ਸਮਾਨ ਅਤੇ ਜ਼ਰੂਰੀ ਦਵਾਈਆਂ ਸ਼ਾਮਲ ਹਨ, ਦੀ ਬਹੁਤ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਹਾਲਾਤਾਂ ਵਿੱਚ ਸਭ ਤੋਂ ਵੱਧ ਮਾਰ ਦਿਹਾੜੀਦਾਰ ਕਾਮਿਆਂ, ਛੋਟੇ ਦੁਕਾਨਦਾਰਾਂ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪੈ ਰਹੀ ਹੈ। ਇਨ੍ਹਾਂ ਦੇ ਰੁਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਜਿਸ ਦੇ ਸਿੱਟੇ ਵਜੋਂ ਭੁੱਖਮਰੀ ਵੀ ਫੈਲ ਸਕਦੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਹੈ ਕਿ ਪੰਜਾਬ ਰਾਜ ਦੇ ਸਿਹਤ ਵਿਭਾਗ ਦਾ ਬੁਰਾ ਹਾਲ ਹੈ। ਕੋਰੋਨਾ ਵਾਇਰਸ ਨਾਲ ਜੰਗ ਲੜ ਰਹੇ ਡਾਕਟਰ ਅਤੇ ਪੈਰਾ ਮੈਡੀਕਲ ਅਮਲੇ ਨੂੰ ਆਪਣੇ ਬਚਾਅ ਲਈ ਵਰਤੇ ਜਾਣ ਵਾਲੇ ਸੈਨੇਟਾਈਜ਼ਰ ਅਤੇ ਪਰਸਨਲ ਪ੍ਰੋਟੈਕਸ਼ਨ ਇਕਵਿਪਮੈਂਟ (ਪੀ.ਪੀ.ਈ) ਕਿੱਟਾਂ ਲੋੜੀਂਦੀ ਮਾਤਰਾ ਵਿੱਚ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਕਰਕੇ ਉਨ੍ਹਾਂ ਨੂੰ ਕਰੋਨਾ ਖਿਲਾਫ਼ ਜੰਗ ਵਿੱਚ ਬਹੁਤ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਇਲਾਵਾ ਹੋਰਨਾਂ ਬਿਮਾਰੀਆਂ ਨਾਲ ਪੀੜਤ ਲੋਕ ਦਵਾਈ ਨਾ ਮਿਲਣ ਕਾਰਨ, ਬਹੁਤ ਅਖਿਆਈ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਜਿਕਰ ਕੀਤਾ ਕਿ ਇਸ ਔਖੇ ਸਮੇਂ ਵਿੱਚ ਸਭ ਤੋਂ ਮੰਦਭਾਗਾ ਕਾਰਾ, ਸੂਬੇ ਦੇ ਮੁੱਖ ਮੰਤਰੀ ਨੇ ਕਣਕ ਦੇ ਗੱਟਿਆਂ ਤੇ ਆਪਣੀ ਫੋਟੋ ਲਾ ਕੇ ਕੀਤਾ ਹੈ। ਇਸ ਨਾਲ ਸੂਬੇ ਦੇ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਫੋਟੋ ਲਾਉਣ ਦੇ ਚੱਕਰ ਵਿੱਚ ਕਣਕ ਦੇ ਆਮ ਲੋਕਾਂ ਤੱਕ ਪਹੁੰਚਣ ਵਿੱਚ ਦੇਰੀ ਹੋ ਰਹੀ ਹੈ । ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਨੂੰ ਰਾਜ ਦੀ ਇਸ ਤਰਸਯੋਗ ਹਾਲਤ ਤੇ ਇਮਾਨਦਾਰੀ ਨਾਲ ਗੌਰ ਕਰਨ ਅਤੇ ਢੁਕਵੇਂ ਹੱਲ ਕਰਨ ਦੀ ਅਪੀਲ ਕੀਤੀ।