ਹਰੀਸ ਕਾਲੜਾ
- ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਕਿਸੇ ਤਰ੍ਹਾਂ ਦਾ ਨਹੀਂ ਹੋਵੇਗਾ ਧਾਰਮਿਕ ਸਮਾਗਮ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਇਕੱਠ ਕਰਨ ਦੀ ਦਿੱਤੀ ਜਾਵੇਗੀ ਮਨਜੂਰੀ
ਰੂਪਨਗਰ, 11 ਅਪ੍ਰੈਲ 2020 - ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ 'ਤੇ ਆਪਣੇ ਪੈਰ ਪਸਾਰ ਚੁੱਕੀ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਧਾਰਮਿਕ ਸਥਾਨ ਉੱਤੇ ਕਿਸੇ ਵੀ ਤਰਾਂ ਦਾ ਕੋਈ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਇਕੱਠ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਇਕੱਠ ਨਾ ਕਰਨ 'ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਹੈ।
ਸ਼੍ਰੀਮਤੀ ਗਿਰਿ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।