ਸੰਗਰੂਰ, 20 ਦਸੰਬਰ, 2016 : ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਜ਼ਹਿਰ ਖਾਣ ਵਾਲੇ ਕਿਸਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ ਹੈ। 50 ਸਾਲ ਦੇ ਦਰਸ਼ਨ ਸਿੰਘ ਨੇ ਸੋਮਵਾਰ ਸ਼ਾਮੀ ਧਰਨੇ ਦੌਰਾਨ ਜ਼ਹਿਰੀਲੀ ਚੀਜ਼ ਖਾ ਲਈ ਸੀ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਸਿਹਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਪੀੜਤ ਕਿਸਾਨ ਦਰਸ਼ਨ ਸਿੰਘ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਆਪ ਦੱਸਿਆ ਕਿ ਉਸ ‘ਤੇ 30 ਲੱਖ ਦਾ ਕਰਜ਼ਾ ਹੈ। ਇਸ ਲਈ ਬੈਂਕ ਤੇ ਕਰਜ਼ ਦੇਣ ਵਾਲੇ ਲੋਕ ਲਗਾਤਾਰ ਤੰਗ ਕਰ ਰਹੇ ਸਨ। ਦਰਸ਼ਨ ਸਿੰਘ ਸੈਦੋ ਪੁਰ ਪਿੰਡ ਦਾ ਰਹਿਣ ਵਾਲਾ ਸੀ।
ਜ਼ਿਕਰਯੋਗ ਹੈ ਅੱਜ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਸੀ। ਇਸ ਤਹਿਤ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਅੱਗੇ ਧਰਨੇ ਲਾਏ।