ਵੈਟਰਨਰੀ ਅਫ਼ਸਰ ਐਸੋਸੀਏਸ਼ਨ ਅਤੇ ਸਿਹਤ ਵਿਭਾਗ ਦੀਆਂ ਡਾਕਟਰ ਜਥੇਬੰਦੀਆਂ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਸੰਘਰਸ਼ ਦਾ ਐਲਾਨ
ਚੰਡੀਗੜ੍ਹ, 22 ਜੂਨ 2021 - ਪੰਜਾਬ ਸਟੇਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ ਦੀ ਮੀਟਿੰਗ ਡਾ ਸਰਬਜੀਤ ਸਿੰਘ ਰੰਧਾਵਾ ਪ੍ਰਧਾਨ ਦੀ ਅਗਵਾਈ ਵਿੱਚ ਹੋਈ ਅਤੇ ਮੀਟਿੰਗ ਵਿੱਚ ਸਰਕਾਰ ਵੱਲੋਂ ਦਿੱਤੇ ਗਏ ਛੇਵੇਂ ਤਨਖਾਹ ਕਮਿਸ਼ਨ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ। ਐਸੋਸੀਏਸ਼ਨ ਦੇ ਇਕ ਵਫ਼ਦ ਵੱਲੋਂ ਡਾ ਰੰਧਾਵਾ ਦੀ ਪ੍ਰਧਾਨਗੀ ਹੇਠ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਸ਼ੂ ਪਾਲਣ ਮੰਤਰੀ ਅਤੇ ਸ੍ਰੀ ਵੀ ਕੇ ਜੰਜੂਆ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਨੂੰ ਮੰਗ ਪੱਤਰ ਸੌਂਪੇ ਗਏ।
ਉਨ੍ਹਾਂ ਵੱਲੋਂ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ ਨੂੰ ਸਰਕਾਰ ਤੱਕ ਤੁਰੰਤ ਪਹੁੰਚਾ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਰਕਾਰੀ ਡਾਕਟਰਾਂ ਨੂੰ ਦਿੱਤੇ ਜਾਂਦੇ ਐਨ.ਪੀ.ਏ ਨੂੰ ਘਟਾ ਦਿੱਤਾ ਗਿਆ ਹੈ ਅਤੇ ਇਸ ਨੂੰ ਮੁੱਢਲੀ ਤਨਖਾਹ ਨਾਲੋਂ ਵੀ ਡੀ-ਲਿੰਕ ਕਰ ਦਿੱਤਾ ਗਿਆ ਹੈ, ਜਿਸ ਦਾ ਰਾਜ ਦੇ ਸਮੂਹ ਸਰਕਾਰੀ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਡਾ ਰੰਧਾਵਾ ਵੱਲੋਂ ਪੀ.ਸੀ.ਐਮ.ਐਸ ਐਸੋਸੀਏਸ਼ਨ ਦੇ ਪ੍ਰਧਾਨ ਡਾ ਗਗਨਦੀਪ ਸਿੰਘ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਡੈਂਟਲ ਡਾਕਟਰਾਂ, ਆਰ ਐਮ ਓ, ਮੈਡੀਕਲ ਟੀਚਰਾਂ, ਆਯੁਰਵੈਦਿਕ ਅਤੇ ਹੋਮਿਓਪੈਥੀ ਡਾਕਟਰ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਸਮੂਹ ਜਥੇਬੰਦੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਐੱਨਪੀਏ ਸਬੰਧੀ ਲੜਾਈ ਸਮੂਹ ਸਰਕਾਰੀ ਡਾਕਟਰਾਂ ਦੀ ਸਾਂਝੀ ਲੜਾਈ ਹੈ ਅਤੇ ਇਸ ਨੂੰ ਸਮੂਹ ਸਰਕਾਰੀ ਡਾਕਟਰਾਂ ਵੱਲੋਂ ਇਕੱਠੇ ਹੋ ਕੇ ਲੜਿਆ ਜਾਵੇਗਾ ਅਤੇ ਮੌਕੇ ਤੇ ਹੀ ਸਮੂਹ ਸਰਕਾਰੀ ਡਾਕਟਰਾਂ ਦੀ ਇਕ ਸਾਂਝੀ ਜੁਆਇੰਟ ਗੌਰਮਿੰਟ ਡਾਕਟਰ ਕੋਆਰਡੀਨੇਸ਼ਨ ਕਮੇਟੀ ਨੂੰ ਹੋਂਦ ਵਿੱਚ ਲਿਆਂਦਾ ਗਿਆ ।
ਜੁਆਇੰਟ ਕਮੇਟੀ ਵੱਲੋਂ ਸਰਕਾਰ ਨੂੰ ਸੰਬੋਧਿਤ ਹੋ ਕੇ ਕਿਹਾ ਗਿਆ ਕਿ ਅੱਜ ਤਕ ਸਰਕਾਰ ਵੱਲੋਂ ਗਠਿਤ ਕੀਤੇ ਹਰ ਪੇ ਕਮਿਸ਼ਨ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਆਰਥਿਕ ਤੌਰ ਤੇ ਫਾਇਦਾ ਦਿੱਤਾ ਗਿਆ ਹੈ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਕੁਝ ਦੇਣ ਦੀ ਬਜਾਏ ਖੋਹ ਰਹੀ ਹੈ । ਇਸ ਮੌਕੇ ਤੇ ਰਾਜ ਦੇ ਸਮੂਹ ਸਰਕਾਰੀ ਡਾਕਟਰਾਂ ਨੂੰ ਅਪੀਲ ਕੀਤੀ ਗਈ ਕਿ ਮਿਤੀ 23-06-2021 ਨੂੰ ਆਪਣੇ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਐੱਨ.ਪੀ.ਏ ਦੀ ਦਰ ਨੂੰ ਬਹਾਲ ਕਰਨ ਅਤੇ ਇਸ ਨੂੰ ਮੁੱਢਲੀ ਤਨਖਾਹ ਦਾ ਹਿੱਸਾ ਮੰਨਣ ਸਬੰਧੀ ਮੰਗ ਪੱਤਰ ਸੌਂਪਿਆ ਜਾਵੇ ।
ਇਸ ਮੌਕੇ ਜੁਆਇੰਟ ਕਮੇਟੀ ਵੱਲੋਂ ਕਿਹਾ ਗਿਆ ਕਿ ਸਰਕਾਰੀ ਡਾਕਟਰਾਂ ਵੱਲੋਂ ਇਸ ਕੋਰੋਨਾ ਮਹਾਂਮਾਰੀ ਦੌਰਾਨ ਦਿਨ ਰਾਤ ਇਕ ਕਰਕੇ ਕੰਮ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਡਾਕਟਰਾਂ ਦੇ ਮਨੋਬਲ ਨੂੰ ਵਧਾਉਣ ਦੀ ਬਜਾਏ ਡੇਗਿਆ ਜਾ ਰਿਹਾ ਹੈ। ਇਸ ਮੌਕੇ ਤੇ ਜੁਆਇੰਟ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰੀ ਡਾਕਟਰਾਂ ਦੀ ਇਹ ਮੰਗ ਤੁਰੰਤ ਨਾ ਮੰਨੀ ਗਈ ਤਾਂ ਕਮੇਟੀ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ ।