ਰੂਪਨਗਰ, 7 ਜਨਵਰੀ, 2017 : ਪੰਜਾਬ ਵਿਧਾਨ ਸਭਾ ਦੀਆਂ 4 ਫਰਵਰੀ, 2017 ਨੂੰ ਹੋਣ ਵਾਲੀਆਂ ਆਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਅਤੇ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰੂਪਨਗਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੰਟਰੋਲਰ ਰੂਮ ਤੇ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਜੋ ਕਿ 24 ਘੰਟੇ ਖੁਲ੍ਹਾ ਰਹੇਗਾ। ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800-180-2198 ਵੀ ਸ਼ੁਰੂ ਕੀਤਾ ਗਿਆ ਹੈ। ਇਸ ਨੰਬਰ 'ਤੇ ਕੋਈ ਵੀ ਵੋਟਰ ਜਾਂ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਵੀ ਹਾਸਲ ਕਰ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਕਰਨੇਸ਼ ਸ਼ਰਮਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਅਤੇ ਟੋਲ ਫਰੀ ਨੰਬਰ 'ਤੇ ਕੋਈ ਵੀ ਵੋਟਰ ਚੋਣਾਂ ਸਬੰਧੀ ਜਾਂ ਵੋਟਰ ਸੂਚੀ ਸਬੰਧੀ ਵੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਨੰਬਰ 'ਤੇ ਹਫਤੇ ਦੇ ਕਿਸੇ ਵੀ ਦਿਨ ਕਿਸੇ ਵੀ ਸਮੇਂ ਕਾਲ ਕਰਕੇ ਆਪਣੇ ਸੁਝਾਅ ਵੀ ਨੋਟ ਕਰਵਾਏ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਪ੍ਰਕ੍ਰਿਆ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਉਸਾਰੂ ਸਹਿਯੋਗ ਦਿੱਤਾ ਜਾਵੇ ਅਤੇ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾਂ ਇਸ ਟੋਲ ਫਰੀ ਨੰਬਰ 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲ ਸੈਂਟਰ 'ਤੇ ਸੂਚਨਾਂ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨਾਂ ਡਰ ਤੇ ਭੈਅ ਤੋਂ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਲੋਕਾਂ ਦਾ ਸਹਿਯੋਗ ਅਤਿ ਅਹਿਮ ਹੁੰਦਾ ਹੈ ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਵੋਟਰਾਂ 'ਤੇ ਕਿਸੇ ਕਿਸਮ ਦਾ ਦਬਾਅ ਜਾਂ ਡਰ ਪਾਉਣ ਜਾਂ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ, ਗਿਫਟ ਆਈਟਮ ਜਾਂ ਹੋਰ ਕਿਸੇ ਚੀਜ ਵੰਡਣ ਸਬੰਧੀ ਘਟਨਾ ਧਿਆਨ ਵਿੱਚ ਆਉਣ ਤੇ ਉਸਦੀ ਸੂਚਨਾਂ ਉਪਰੋਕਤ ਟੋਲ ਫਰੀ ਨੰਬਰ 'ਤੇ ਤੁਰੰਤ ਦੇਣ ।