ਹੁਸ਼ਿਆਰਪੁਰ, 19 ਮਈ : ਲੋਕ ਸਭਾ ਚੋਣਾਂ ਲਈ ਅੱਜ ਚੱਲ ਰਹੀ ਮਤਦਾਨ ਪ੍ਰਕ੍ਰਿਆ ਦੌਰਾਨ ਵੋਟ ਪਾਉਣ ਸਮੇਂ ਮੋਬਾਇਲ ਤੋਂ ਬਣਾਈ ਵੀਡੀਓ ਵਾਇਰਲ ਹੋਣ 'ਤੇ ਸਬੰਧਤ ਬੂਥ ਦੀ ਮੌਕੇ 'ਤੇ ਜਾ ਕੇ ਪੜਤਾਲ ਉਪਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੁਲਿਸ ਪਾਰਟੀ ਨੂੰ ਬਦਲ ਦਿੱਤਾ ਗਿਆ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੋਲਿੰਗ ਬੂਥ 'ਤੇ ਮੋਬਾਇਲ ਲਿਜਾਣ 'ਤੇ ਰੋਕ ਲਗਾਈ ਗਈ ਹੈ, ਪਰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਵੋਟ ਪਾਉਣ ਸਮੇਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਵਾਇਰਲ ਹੋਈ ਇਸ ਵੀਡੀਓ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵੀਡੀਓ 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਟਾਊਨ ਹਾਲ (ਪੁਰਾਣਾ ਕਮੇਟੀ ਦਫ਼ਤਰ) ਦੇ ਬੂਥ ਨੰਬਰ 102 ਦੀ ਹੈ। ਉਨ੍ਹਾਂ ਦੱਸਿਆ ਕਿ ਬੂਥ ਦਾ ਦੌਰਾ ਕਰਕੇ ਜਾਂਚ ਕੀਤੀ ਗਈ ਅਤੇ ਕੋਤਾਹੀ ਸਾਹਮਣੇ ਆਉਣ 'ਤੇ ਤੁਰੰਤ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਸ.ਐਸ.ਪੀ. ਹੁਸ਼ਿਆਰਪੁਰ ਰਾਹੀਂ ਬੂਥ 'ਤੇ ਤਾਇਨਾਤ ਪੁਲਿਸ ਪਾਰਟੀ ਨੂੰ ਵੀ ਤੁਰੰਤ ਬਦਲ ਦਿੱਤਾ ਗਿਆ ਹੈ।
ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੋਲਿੰਗ ਸਟੇਸ਼ਨ ਦੇ ਅੰਦਰ ਪ੍ਰੀਜ਼ਾਈਡਿੰਗ ਅਫ਼ਸਰ ਤੋਂ ਇਲਾਵਾ ਹੋਰ ਕਿਸੇ ਦੇ ਵੀ ਮੋਬਾਇਲ ਫੋਨ ਲਿਜਾਣ 'ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਪ੍ਰੀਜ਼ਾਈਡਿੰਗ ਅਫ਼ਸਰਾਂ ਸਮੇਤ ਚੋਣ ਅਮਲੇ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀਡੀਓ ਵਾਇਰਲ ਹੋਣ 'ਤੇ ਤੁਰੰਤ ਸਬੰਧਤ ਅਮਲੇ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ।