ਵੋਟਰ ਸੂਚੀ ਦੀ ਸੁਧਾਈ ਸਬੰਧੀ 9, 10, 23 ਅਤੇ 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਰਾਜੇਸ਼ ਧੀਮਾਨ
- ਸਮੂਹ ਬੀ. ਐਲ. ਓਜ਼ ਆਪਣੇ ਸਬੰਧਿਤ ਪੋਲਿੰਗ ਸਟੇਸ਼ਨਾਂ 'ਤੇ ਪ੍ਰਾਪਤ ਕਰਨਗੇ ਦਾਅਵੇ ਅਤੇ ਇਤਰਾਜ਼
- ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਕੀਤੀ ਅਪੀਲ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 6 ਨਵੰਬਰ ,2024 - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਲਈ ਮਿਤੀ 29 ਅਕਤੂਬਰ 2024 ਤੋਂ 28 ਨਵੰਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਸੇ ਸਬੰਧੀ ਮਿਤੀ 9 ਅਤੇ 10 ਨਵੰਬਰ 2024 (ਸ਼ਨੀਵਾਰ ਅਤੇ ਐਤਵਾਰ) ਅਤੇ ਇਸੇ ਤਰ੍ਹਾਂ 23 ਅਤੇ 24 ਨਵੰਬਰ 2024 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਦੌਰਾਨ ਬੀ.ਐਲ.ਓਜ ਆਪਣੇ ਸਬੰਧਿਤ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਇਨ੍ਹਾਂ ਕੈਂਪਾਂ ਦੇ ਲੋੜੀਦੇ ਪ੍ਰਬੰਧਾਂ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ, ਉਹ ਇਨ੍ਹਾਂ ਕੈਂਪਾਂ ਦੌਰਾਨ ਆਪਣੀ ਵੋਟ ਬਣਾਉਣ ਲਈ ਸਬੰਧਤ ਬੀ.ਐਲ.ਓ ਨੂੰ ਫਾਰਮ ਨੰਬਰ 6 ਭਰ ਕੇ ਜਮ੍ਹਾ ਕਰਵਾ ਸਕਦਾ ਹੈ। ਇਸੇ ਤਰ੍ਹਾਂ ਇਨ੍ਹਾਂ ਕੈਂਪਾਂ ਦੌਰਾਨ ਵੋਟ ਕਟਾਉਣ, ਸੋਧ ਕਰਨ ਜਾਂ ਪਤਾ ਆਦਿ ਬਦਲਾਉਣ ਲਈ ਵੀ ਵੱਖ-ਵੱਖ ਫਾਰਮ ਭਰ ਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈਣ ਦੀ ਅਪੀਲ ਕੀਤੀ ਹੈ।