ਫ਼ਿਰੋਜ਼ਪੁਰ ਵਿਖੇ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ ਗੌਰਵ ਗਰਗ ਤੇ ਹੋਰ ਅਧਿਕਾਰੀ।
ਫ਼ਿਰੋਜ਼ਪੁਰ, 10 ਮਾਰਚ, 2017 (ਗੁਰਿੰਦਰ ਸਿੰਘ) : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਦੇਵਰਾਜ ਹਾਈਟੈੱਕ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਜ਼ੀਰਾ ਰੋਡ ਫ਼ਿਰੋਜ਼ਪੁਰ ਵਿਖੇ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ, ਵਧੀਕ ਡਿਪਟੀ ਕਮਿਸ਼ਨਰ (ਜਨ:) ਸ੍ਰੀਮਤੀ ਸ਼ਰੂਤੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਨੀਤ ਕੁਮਾਰ, ਹਰਜੀਤ ਸਿੰਘ ਸੰਧੂ ਐੱਸ.ਡੀ.ਐਮ ਫ਼ਿਰੋਜ਼ਪੁਰ, ਵਨੀਤ ਕੁਮਾਰ ਐੱਸ.ਡੀ.ਐਮ ਜ਼ੀਰਾ, ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ:) ਅਤੇ ਗੁਰਮੀਤ ਸਿੰਘ ਢਿੱਲੋਂ ਡੀ.ਡੀ.ਪੀ.ਓ ਤੋਂ ਇਲਾਵਾ ਜੀ.ਕੇ.ਸਤੀਜਾ ਬੀ.ਐਸ.ਐਫ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਕਾਊਂਟਿੰਗ ਦੇ ਲਈ ਬਣਾਏ ਗਏ ਵਿਸ਼ੇਸ਼ ਹਾਲ ਨੂੰ ਯੋਜਨਾਬੱਧ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ। ਕਾੳਂੂਟਿੰਗ ਹਾਲ ਵਿਖੇ ਟੇਬਲ, ਲਾਈਟਸ ਅਤੇ ਜਨਰੇਟਰ ਤੋਂ ਇਲਾਵਾ ਸਫ਼ਾਈ ਵਿਵਸਥਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇਗਾ ਅਤੇ ਸਮੂਹ ਗਿਣਤੀ ਪ੍ਰਕਿਰਿਆ ਦੀ ਵੀਡਿਓਗ੍ਰਾਫ਼ੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਦੇਵ ਰਾਜ ਹਾਈਟੈੱਕ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਫ਼ਿਰੋਜ਼ਪੁਰ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਪਾਬੰਦੀ ਵੀ ਲਗਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਪਰ ਪੋਲਿੰਗ ਏਜੰਟਾਂ ਅਤੇ ਸਬੰਧਤ ਸਟਾਫ਼ ਲਈ ਗਿਣਤੀ ਕੇਂਦਰਾਂ 'ਚ ਸਵੇਰੇ 7 ਵਜੇ ਤੋਂ ਪਹਿਲਾਂ ਪਹੁੰਚਣਾ ਲਾਜ਼ਮੀ ਹੋਵੇਗਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਚੋਣ ਅਮਲੇ ਵਿੱਚ ਲੱਗੇ ਅਧਿਕਾਰੀ/ਕਰਮਚਾਰੀ ਆਪਣੇ ਸ਼ਨਾਖ਼ਤੀ ਕਾਰਡ ਨਾਲ ਲੈ ਕੇ ਜ਼ਰੂਰ ਜਾਣ। ਸ਼ਨਾਖ਼ਤੀ ਕਾਰਡ ਤੋਂ ਬਿਨਾਂ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਾਊਂਟਿੰਗ ਸੈਂਟਰ ਵਿਖੇ ਪਹੁੰਚਣ ਲਈ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਅਮਨ ਪੂਰਵਕ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਾਕਿਆਂ ਤੋਂ ਇਲਾਵਾ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮ ਤੋਂ ਗਿਣਤੀ ਕੇਂਦਰ ਤੱਕ ਹਰ ਇੱਕ ਵਿਧਾਨ ਸਭਾ ਹਲਕੇ ਦੀਆਂ ਈ.ਵੀ.ਐਮਜ਼ ਲੈ ਕੇ ਜਾਣ ਲਈ ਅਲੱਗ ਰਸਤਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਬਜ਼ਰਵਰ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਊਂਟਿੰਗ ਸੈਂਟਰਾਂ ਦੇ ਨਜ਼ਦੀਕ ਨਾ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਕਾੳਂੂਟਿੰਗ ਸੈਂਟਰ ਨੂੰ ਜਾਣ ਵਾਲੇ ਰਸਤੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇਗਾ ਅਤੇ ਬਿਨਾਂ ਸ਼ਨਾਖ਼ਤੀ ਕਾਰਡ ਦੇ ਕਿਸੇ ਨੂੰ ਵੀ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ੀਰਾ ਰੋਡ ਦੀ ਟ੍ਰੈਫਿਕ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਰਾਜਵੀਰ ਸਿੰਘ ਐਸ.ਪੀ.(ਐਚ), ਧਰਮਵੀਰ ਸਿੰਘ ਐਸ.ਪੀ.(ਡੀ), ਮੈਡਮ ਕਸ਼ਮੀਰ ਕੌਰ ਐਸ.ਪੀ, ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣਾਂ ਆਦਿ ਵੀ ਹਾਜ਼ਰ ਸਨ।