ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਮਾਤਾ ਗੁਜਰੀ ਕਾਲਜ ਵਿਖੇ ਨੈਸ਼ਨਲ ਵੋਟਰ ਦਿਵਸ ਮੌਕੇ ਕਰਵਾਏ ਸਮਾਗਮ ਦਾ ਸ਼ਮਾਂ ਰੌਸ਼ਨ ਕਰਕੇ ਉਦਘਾਟਨ ਕਰਦੇ ਹੋਏ।
ਵੋਟਰ ਸੂਚੀਆਂ ਦੀ ਸੁਧਾਈ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਕਾਰੀਆਂ ਦਾ ਕੀਤਾ ਵਿਸ਼ੇਸ ਸਨਮਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ 'ਤੇ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ
ਫ਼ਤਹਿਗੜ੍ਹ ਸਾਹਿਬ, 25 ਜਨਵਰੀ 2017 : ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ, ਹਰੇਕ ਨਾਗਰਿਕ ਦਾ ਇਖ਼ਲਾਕੀ ਫਰਜ਼ ਹੈ ਕਿ ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟਾਂ ਪਾਈਆਂ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਅੱਜ ਮਾਤਾ ਗੁਜਰੀ ਕਾਲਜ ਵਿਖੇ ਨੈਸ਼ਨਲ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ।
ਸ. ਸੰਘਾ ਨੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਅਧਾਰ ਹੀ ਵੋਟ ਦੇ ਇਸਤੇਮਾਲ 'ਤੇ ਨਿਰਭਰ ਕਰਦਾ ਹੈ ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਜਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਪ੍ਰੇਰਤ ਕੀਤਾ ਕਿ ਨੌਜਵਾਨ ਸ਼ਕਤੀ ਕਿਸੇ ਵੀ ਚੁਣੋਤੀ ਦਾ ਸਾਹਮਣਾ ਕਰ ਸਕਦੀ ਹੈ, ਇਸ ਲਈ ਉਹ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਵੋਟ ਦਾ ਨਿਡਰ ਹੋ ਕੇ ਇਸਤੇਮਾਲ ਕਰਨ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੇ ਭਵਿੱਖ ਨੂੰ ਤਾਂ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜੇਕਰ ਸਹੀ ਸੋਚ ਵਾਲੇ ਉਮੀਦਵਾਰਾਂ ਨੂੰ ਹੀ ਵੋਟਾਂ ਪਾਈਆਂ ਜਾਣ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ 4 ਲੱਖ 26 ਹਜਾਰ 175 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਉਪਰੰਤ 18-19 ਸਾਲ ਉਮਰ ਦੇ 10,245 ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਇਸ ਮੌਕੇ ਉਨ੍ਹਾਂ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫੋਟੋ ਵੋਟਰ ਕਾਰਡ ਵੀ ਵੰਡੇ। ਉਨ੍ਹਾਂ ਇਸ ਮੌਕੇ ਵੋਟਰਾਂ ਨੂੰ ਲੋਕਤੰਤਰ ਦੀ ਮਜਬੂਤੀ ਲਈ ਵੋਟ ਦੇ ਅਧਿਕਾਰ ਦੇ ਸਹੀ ਇਸਤੇਮਾਲ ਦੀ ਸਹੁੰ ਚੁਕਾਈ ਅਤੇ ਵੱਖ-ਵੱਖ ਪੱਧਰ 'ਤੇ ਕਰਵਾਏ ਗਏ ਭਾਸ਼ਣ, ਲੇਖ ਅਤੇ ਪੇਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ। ਉਨ੍ਹਾਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਵਿੱਚ ਸ਼ਲਾਘਾਯੋਗ ਕਾਰਜਗੁਜਰੀ ਵਿਖਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰ ਅਮਲੋਹ-ਕਮ-ਐਸ.ਡੀ.ਐਮ. ਸ੍ਰੀ ਅਮਨਦੀਪ ਸਿੰਘ ਭੱਟੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੇ ਪ੍ਰਿੰਸੀਪਲ ਸ੍ਰੀ ਰਾਮ ਭੂਸ਼ਣ, ਬੂਥ ਨੰਬਰ 37 ਦੇ ਬੀ.ਐਲ.ਓ. ਸ੍ਰੀ ਮਦਨ ਲਾਲ ਅਤੇ ਮਾਤਾ ਗੁਜਰੀ ਕਾਲਜ ਦੇ ਕੈਂਪਸ ਅੰਬੈਸਡਰ ਸ੍ਰੀ ਸਿਮਰਤਪਾਲ ਸਿੰਘ ਨੂੰ ਵਿਸ਼ੇਸ ਤੌਰ 'ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਡਾ. ਨਸੀਮ ਜੈਦੀ ਦਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੰਦੇਸ਼ ਵੀ ਸੁਣਾਇਆ ਗਿਆ। ਇਸ ਤੋਂ ਇਲਾਵਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਦੇ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਜਿਸ ਤੋਂ ਖੁਸ਼ ਹੋ ਕੇ ਜ਼ਿਲ੍ਹਾ ਚੋਣ ਅਫਸਰ ਨੇ ਵਿਦਿਆਰਥਣਾਂ ਨੂੰ ਨਗਦ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਫੋਕ ਆਰਕੈਸਟਰਾ ਵੀ ਪੇਸ ਕੀਤਾ ਗਿਆ।
ਜ਼ਿਲ੍ਹਾ ਪੱਧਰ 'ਤੇ ਸਵੀਪ ਪ੍ਰੋਗਰਾਮ ਅਧੀਨ ਕਰਵਾਏ ਗਏ ਭਾਸ਼ਣ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦਾ ਵਿਦਿਆਰਥੀ ਦੀਪਕ ਕੁਮਾਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦੂਜੇ ਸਥਾਨ 'ਤੇ ਰਹੀ। ਵੋਟਰ ਜਾਗਰੂਕਤਾ ਸਬੰਧੀ ਕਰਵਾਏ ਗਏ ਲੇਖ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਦੀ ਕੰਚਨ ਰਾਣੀ ਪਹਿਲੇ ਤੇ ਸਰਕਾਰੀ ਹਾਈ ਸਕੂਲ ਪੱਤੋਂ ਦੀ ਵਿਦਆਰਥਣ ਨੇਹਾ ਦੂਜੇ ਸਥਾਨ 'ਤੇ ਰਹੀ। ਪੇਟਿੰਗ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਗਗਨਜੀਤ ਕੌਰ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਦੀ ਵਿਦਿਆਰਥਣ ਮਨਦੀਪ ਕੌਰ ਦੂਜੇ ਸਥਾਨ 'ਤੇ ਰਹੀ। ਰੰਗੋਲੀ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਕਣ ਰੀਤੂ ਪਹਿਲੇ ਤੇ ਜੈਸਮੀਨ ਦੂਜੇ ਸਥਾਨ 'ਤੇ ਰਹੀ ਜਦੋਂ ਕਿ ਪੋਸਟਰ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦਾ ਗੁਰਬਿੰਦਰ ਸਿੰਘ ਪਹਿਲੇ ਅਤੇ ਆਫਤਾਬ ਦੂਜੇ ਸਥਾਨ 'ਤੇ ਰਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀ ਨਵਰਾਜ ਸਿੰਘ ਬਰਾੜ, ਐਸ.ਡੀ.ਐਮ. ਅਮਲੋਹ ਸ੍ਰੀ ਅਮਨਦੀਪ ਸਿੰਘ ਭੱਟੀ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਿੰਦਰ ਸਿੰਘ ਸੋਢੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਰਾਜ ਕੁਮਾਰ, ਤਹਿਸੀਲਦਾਰ ਚੋਣਾਂ ਸ. ਲਾਭ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਿੰਦਰ ਕੌਰ, ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।