- ਤ੍ਰਿਪਤ ਬਾਜਵਾ ਵਲੋਂ 55 ਲੱਖ ਰੁਪਏ ਦੀ ਲਾਗਤ ਨਾਲ ਨਿਊ ਮਹਾਜਨ ਕਲੋਨੀ ਦੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ
- ਕਲੋਨੀ ਦਾ ਨਾਮ ਮਾਤਾ ਸੁਲੱਖਣੀ ਨਗਰ ਰੱਖਣ ਲਈ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ
ਬਟਾਲਾ, 17 ਨਵੰਬਰ 2019 - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਪੰਜਾਬ ਸਰਕਾਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੀਤੀ ਸ਼ਾਮ ਨਿਊ ਮਹਾਜਨ ਕਲੋਨੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਾਉਂਦਿਆਂ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਬਾਜਵਾ ਨੇ ਕਿਹਾ ਕਿ ਵਿਕਾਸ ਹੀ ਕੈਪਟਨ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਨਾਲ ਸਬੰਧਤ ਸਥਾਨਾ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ।
ਬਟਾਲਾ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੌਰਾਨ 10 ਸਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਬਿਲਕੁਲ ਅਣਗੌਲਿਆਂ ਕੀਤਾ ਗਿਆ ਸੀ ਅਤੇ ਇਹੀ ਕਾਰਨ ਹੈ ਕਿ ਬਟਾਲਾ ਵਿਕਾਸ ਪੱਖੋਂ ਬਹੁਤ ਪੱਛੜ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਹੁਤ ਜਿਆਦਾ ਵਿਕਾਸ ਕਾਰਜ ਕਰਨ ਵਾਲੇ ਸਨ ਜਿਨ੍ਹਾਂ ਦੀ ਸ਼ੁਰੂਆਤ ਕੈਪਟਨ ਸਰਕਾਰ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਸ਼ਹਿਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕਰਾਏ ਸਨ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਜਦਕਿ ਬਾਕੀਆਂ ਉੱਪਰ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਮੁਹੱਲੇ ਤੱਕ ਵਿਕਾਸ ਦੀ ਲਹਿਰ ਪਹੁੰਚੇਗੀ ਅਤੇ ਬਟਾਲਾ ਵੀ ਸੂਬੇ ਦੇ ਵਿਕਸਤ ਅਤੇ ਖੂਬਸੂਰਤ ਸ਼ਹਿਰਾਂ ਵਿੱਚ ਸ਼ੁਮਾਰ ਹੋਵੇਗਾ।
ਇਸ ਮੌਕੇ ਨਿਊ ਮਹਾਜਨ ਕਲੋਨੀ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਮਰਪੁਰਾ ਚੌਂਕ ਵਿਖੇ ਮਾਤਾ ਸੁਲੱਖਣੀ ਜੀ ਗੇਟ ਤੋਂ ਲੈ ਕੇ ਜਲੰਧਰ ਰੋਡ ਗੁਰੂ ਨਾਨਕ ਅਕੈਡਮੀ ਤੱਕ ਅਤੇ ਉਮਰਪਰਾ ਚੌਂਕ ਤੋਂ ਮੀਆਂ ਮੁਹੱਲਾ ਰੋਡ ਉੱਪਰ ਗਿੱਲ ਪੈਲੇਸ ਤੋਂ ਅਗਲੀ ਗਲੀ ਤੱਕ ਦੇ ਵਿਚਲੇ ਇਲਾਕੇ ਦਾ ਨਾਮ ਮਾਤਾ ਸੁਲੱਖਣੀ ਨਗਰ ਰੱਖਿਆ ਜਾਵੇ। ਸ. ਬਾਜਵਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮੰਗ ਉਪਰ ਸਰਕਾਰ ਵਲੋਂ ਗੌਰ ਕੀਤਾ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਚੇਅਰਮੈਨ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਸੁਨੀਲ ਸਰੀਨ, ਬੱਗਾ ਗੌਂਸਪੁਰਾ, ਰਮੇਸ਼ ਵਰਮਾ, ਪਰਮਜੀਤ ਸਿੰਘ ਗਿੱਲ, ਜਸਕਰਨ ਸਿੰਘ, ਬਲਜੀਤ ਸਿੰਘ, ਕਮਲ ਡੱਬ, ਸਰਬਜੀਤ ਸਿੰਘ ਸਿੱਧੂ, ਸਤਨਾਮ ਸਿੰਘ ਸੈਣੀ, ਬਿਕਰਮ ਸਿੰਘ ਰੰਧਾਵਾ, ਦੱਤਾ, ਗਗਨ ਭੱਲਾ, ਅਜੇ ਸ਼ਰਮਾਂ, ਰਣਜੀਤ ਸਿੰਘ ਸਿੱਧੂ, ਜਸਬੀਰ ਸਿੰਘ, ਮਨਜਿੰਦਰ ਸਿੰਘ, ਮੁਕੇਸ਼ ਕੁਮਾਰ, ਪਿ੍ਰੰਸ ਆਦਿ ਹਾਜ਼ਰ ਸਨ।