← ਪਿਛੇ ਪਰਤੋ
ਅੰਮ੍ਰਿਤਸਰ, 31 ਅਕਤੂਬਰ 2019: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਰਾਹੀਂ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰ ਕੇ ਅਗਲੀ ਪ੍ਰਕਿਰਿਆ ਲਈ ਮੱਦਦ ਕਰੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੂਚਿਤ ਕਰਨ ਲਈ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਖੁੱਲ੍ਹੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਸੰਗਤਾਂ ਨੂੰ ਮੁਕੰਮਲ ਜਾਣਕਾਰੀ ਨਾ ਹੋਣ ਕਾਰਨ ਪ੍ਰੇਸ਼ਾਨੀ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਇਹ ਕਦਮ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਿੱਤੇ ਗਏ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਾਰੇ ਇਤਿਹਾਸਕ ਗੁਰਦੁਆਰਿਆਂ ’ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਜਿਹੜੇ ਵੀ ਸ਼ਰਧਾਲੂ ਦਰਸ਼ਨ ਦੀਦਾਰ ਲਈ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਤੱਕ ਪਹੁੰਚ ਕਰ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਭਲਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਸਰਕੂਲਰ ਜਾਰੀ ਕਰ ਦਿੱਤਾ ਜਾਵੇਗਾ।
Total Responses : 267