ਕੋਰੋਨਾ ਕਾਰਨ ਵਿੱਤੀ ਸਮੀਖਿਆ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ
ਅੰਮ੍ਰਿਤਸਰ, 18 ਮਈ 2020: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕਈ ਹੋਰ ਅਹਿਮ ਫੈਸਲਿਆਂ ’ਤੇ ਵੀ ਮੋਹਰ ਲਗਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ ਵਿੱਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ ’ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ੍ਰੀ ਨਿਤਿਨ ਗਡਕਰੀ ਤੱਕ ਵੀ ਪਹੁੰਚ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ ’ਤੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆ ਬਾਰੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਐਜੂਕੇਸ਼ਨ ਖੇਤਰ ਦੇ ਨੁਮਾਇੰਦੇ ਇਸ ਕਮੇਟੀ ਦਾ ਹਿੱਸਾ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ ’ਤੇ ਵੀ ਇਕ ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸਹਾਇਤਾ ਵੀ ਤਿੰਨ ਮਹੀਨੇ ਲਈ ਨਹੀਂ ਦਿੱਤੀ ਜਾਵੇਗੀ।
ਇਕੱਤਰਤਾ ਦੌਰਾਨ ਸ੍ਰੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ, ਸਾਬਕਾ ਹਜ਼ੂਰੀ ਰਾਗੀ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੇ ਭਰਾ ਭਾਈ ਧਨਵੰਤ ਸਿੰਘ ਕੜੇ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਵੀ ਪਾਏ ਗਏ। ਭਾਈ ਨਿਰਮਲ ਸਿੰਘ ਖ਼ਾਲਸਾ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਭਾਈ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ’ਤੇ ਵੀ ਵਿਚਾਰ ਵਟਾਂਦਰਾਂ ਕੀਤਾ ਗਿਆ।
ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਭੁਪਿੰਦਰ ਸਿੰਘ ਅਸੰਧ, ਸ. ਸ਼ੇਰ ਸਿੰਘ ਮੰਡਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਜਸਮੇਰ ਸਿੰਘ ਲਾਛੜੂ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਡਾ. ਏ. ਪੀ. ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ ਕੰਗ, ਨਿੱਜੀ ਸਹਾਇਕ ਭਾਈ ਦਰਸ਼ਨ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।