ਸ਼੍ਰੋਮਣੀ ਕਮੇਟੀ ਨੇ ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ
- ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਯੂਪੀ ਪੁੱਜਾ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
- ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ, 8 ਅਕਤੂਬਰ 2021 - ਲਖੀਮਪੁਰ ਖੀਰੀ ਦੀ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਵੱਲੋਂ ਅੱਜ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਪੁੱਜ ਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੀੜ੍ਹਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮ੍ਰਿਤਕ ਕਿਸਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮ੍ਰਿਤਕ ਪੱਤਰਕਾਰ ਦੀ ਮਾਤਾ ਅਤੇ ਪਤਨੀ ਨੂੰ ਵੀ ਢਾਈ-ਢਾਈ ਲੱਖ ਰੁਪਏ ਦੇ ਚੈੱਕ ਦਿੱਤੇ। ਲਖੀਮਪੁਰ ਖੀਰੀ ਪੁੱਜੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਵਿਚ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਿਕਰਮ ਸਿੰਘ ਮਜੀਠੀਆ, ਸ. ਮਨਪ੍ਰੀਤ ਸਿੰਘ ਇਯਾਲੀ, ਸ. ਹਰਮੀਤ ਸਿੰਘ ਕਾਲਕਾ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਅਮਰੀਕ ਸਿੰਘ ਸ਼ਾਹਪੁਰ ਸ਼੍ਰੋਮਣੀ ਕਮੇਟੀ ਮੀਤ ਸਕੱਤਰ ਸ. ਨਿਰਵੈਲ ਸਿੰਘ, ਓਐਸਡੀ ਡਾ ਅਮਰੀਕ ਸਿੰਘ ਲਤੀਫਪੁਰ, ਇੰਚਾਰਜ ਸ. ਬ੍ਰਿਜਪਾਲ ਸਿੰਘ ਅਤੇ ਹੋਰ ਮੌਜੂਦ ਸਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਬੀਤੇ ਦਿਨੀਂ ਗੱਡੀ ਹੇਠ ਕੁਚਲ ਕੇ ਮਾਰੇ ਗਏ ਕਿਸਾਨਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ ਅਤੇ ਇਨ੍ਹਾਂ ਪਰਿਵਾਰਾਂ ਨਾਲ ਸਿੱਖ ਸੰਸਥਾ ਹਮੇਸ਼ਾ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਹਕੂਮਤ ਦੇ ਨਸ਼ੇ ਵਿਚ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਹੋਈ ਸਰਕਾਰ ਉਲਟਾ ਕਿਸਾਨਾਂ ਨੂੰ ਮਾਰਨ ਵਾਲਿਆਂ ਦੀ ਹਿਫਾਜ਼ਤ ਕਰ ਰਹੀ ਹੈ। ਇਕ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੀਰੀ ਵਿਚ ਮੌਤ ਦੇ ਨਾਚ ਨੇ ਲੋਕਤੰਤਰ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਨਾਲ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਵੀ ਸਵਾਲੀਆ ਨਿਸ਼ਾਨ ਪੈਦਾ ਹੋ ਗਿਆ ਹੈ। ਉਨ੍ਹਾਂ ਯੂਪੀ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਵੀ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਨੂੰ ਰੋਕਣਾ ਮੰਦਭਾਗਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ।