ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ - ਬੀਬੀ ਜਗੀਰ ਕੌਰ
- ਸ਼੍ਰੋਮਣੀ ਕਮੇਟੀ ਵੱਲੋਂ ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ
- ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਕੋਰੋਨਾ ਮਰੀਜ਼ਾਂ ਦਾ ਹੋਵੇਗਾ ਇਲਾਜ਼
ਅੰਮ੍ਰਿਤਸਰ, 12 ਮਈ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈੱਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।
ਇਹ ਕੋਰੋਨਾ ਕੇਅਰ ਕੇਂਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਨਾਲ ਜੋੜਿਆ ਗਿਆ ਹੈ, ਜਿਸ ਦੇ ਡਾਕਟਰ ਤੇ ਨਰਸਿੰਗ ਸਟਾਫ਼ ਇਸ ਕੇਂਦਰ ਵਿਚ ਕਾਰਜਸ਼ੀਲ ਰਹਿਣਗੇ। ਇਸ ਕੇਂਦਰ ਵਿਚ ਕੋਰੋਨਾ ਮਰੀਜ਼ਾਂ ਦਾ ਮੁੱਢਲਾ ਇਲਾਜ਼ ਬਿਲਕੁਲ ਮੁਫ਼ਤ ਹੋਵੇਗਾ ਤੇ ਐਂਮਰਜੈਂਸੀ ਹਲਾਤ ਵਿਚ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 100 ਬੈੱਡ ਕੋਰੋਨਾ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਰਾਖਵੇਂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਹੈ। ਭੁਲੱਥ ਵਿਖੇ ਸ਼ੁਰੂ ਕੀਤਾ ਗਿਆ ਇਹ ਤੀਸਰਾ ਵਾਰਡ ਹੈ। ਇਸ ਤੋਂ ਪਹਿਲਾਂ ਲੁਧਿਆਣਾ ਤੇ ਸ੍ਰੀ ਦਮਦਮਾ ਸਾਹਿਬ ਵਿਖੇ ਅਜਿਹੇ ਵਾਰਡ ਖੋਲ੍ਹੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਕ ਵਾਰਡ ਪਟਿਆਲਾ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਭਿਆਨਕ ਬਿਮਾਰੀ ਵਿੱਚੋਂ ਬਾਹਰ ਨਿਕਲਣ ਲਈ ਸੰਜੀਦਾ ਯਤਨਾਂ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਲੋਕਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ, ਜਿਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਸ੍ਰੀ ਹਰਸ਼ ਵਰਧਨ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ਼ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਫਿਰ ਵੀ ਸਿੱਖ ਸੰਸਥਾ ਪੂਰੀ ਸ਼ਿੱਦਤ ਨਾਲ ਇਸ ਸੰਕਟ ਸਮੇਂ ਸੇਵਾਵਾਂ ਦੇਣ ਵਿਚ ਮੋਹਰੀ ਹੈ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਪਰੰਤੂ ਇਸ ਲਈ ਤਰਲ ਆਕਸੀਜਨ ਮਿਲਣ ਵਿਚ ਸਮੱਸਿਆ ਬਣੀ ਹੋਈ ਹੈ। ਇਸ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਪਾਈ ਹੈ, ਲੇਕਿਨ ਅਜੇ ਤੱਕ ਇਸ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਲਈ ਕੇਂਦਰ ਪਾਸੋਂ ਲੋੜੀਂਦੀ ਮਨਜ਼ੂਰੀ ਵੀ ਲਈ ਹੋਈ ਹੈ ਅਤੇ ਆਕਸੀਜਨ ਲਈ ਇਨਓਾਕਸ ਏਅਰ ਪ੍ਰੋਡਕਟ ਕੰਪਨੀ ਨਾਲ ਸਮਝੌਤਾ ਵੀ ਸਹੀਬੱਧ ਕੀਤਾ ਜਾ ਚੁੱਕਾ ਹੈ। ਪਰੰਤੂ ਫਿਰ ਵੀ ਤਰਲ ਆਕਸੀਜਨ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੀਆਂ ਪਾਬੰਦੀਆਂ ਅੜਿੱਕਾ ਬਣੀਆਂ ਹੋਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਦੇ ਭਿਆਨਕ ਦੌਰ ਵਿਚ ਸੇਵਾਵਾਂ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡੀਨ ਡਾ. ਸ਼ੌਕੀਨ ਸਿੰਘ, ਡਾ. ਏ.ਪੀ. ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸ. ਰਣਜੀਤ ਸਿੰਘ ਰਿੰਪੀ ਪ੍ਰਧਾਨ, ਸ. ਮਨਪ੍ਰੀਤ ਸਿੰਘ ਰਿੰਕੀ, ਸ. ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਬੋਪਾਰਾਏ, ਸ. ਗੁਰਮੇਲ ਸਿੰਘ ਰੋਇਲ ਪੈਲੇਸ, ਮੈਨੇਜਰ ਸ. ਸਤਿੰਦਰ ਸਿੰਘ, ਸ. ਕੁਲਵੰਤ ਸਿੰਘ ਸਹਿਗਲ, ਸ. ਮਨਿੰਦਰ ਸਿੰਘ ਐਡਵੋਕੇਟ, ਸ. ਜਸਵੰਤ ਸਿੰਘ, ਸ. ਸੰਗਤ ਸਿੰਘ, ਸ. ਪਰਮਜੀਤ ਸਿੰਘ ਪ੍ਰਧਾਨ ਆਦਿ ਸ਼ਾਮਲ ਸਨ।