ਅਸ਼ੋਕ ਵਰਮਾ
ਬਠਿੰਡਾ, 29 ਅਗਸਤ 2020 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਵਲੋਂ ਇੱਥੋਂ ਦੇ 40 ਫੁੱਟ ਰੋਡ 'ਤੇ ਸਥਿਤ ਸਤਿਅਮ ਹਾਰਟ ਅਤੇ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਲਈ 5 ਨਵੇਂ ਬੈਡ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਵਲੋਂ ਇਹ ਹੁਕਮ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 34 ਅਤੇ ਸਰਕਾਰ ਦੁਆਰਾ ਜਾਰੀ ਪੱਤਰ ਅਨੁਸਾਰ ਲੋਕ ਹਿੱਤ ਵਿਚ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰਾਂ ਵਿੱਚ ਵਧੀਆ ਸੰਭਵ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਪਰ ਫ਼ਿਰ ਵੀ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਵਿੱਚ ਸਹੂਲਤਾਂ ਪੈਦਾ ਕਰਨੀਆਂ ਜ਼ਰੂਰੀਆਂ ਹੋ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਕਮਾਂ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ 2005 ਤੇ ਮਹਾਂਮਾਰੀ ਰੋਗ ਏ.ਸੀ.ਟੀ. 1897 ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਪ੍ਰਾਈਵੇਟ ਰੇਡੀਓਲੋਜਿਸਟਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੀ.ਟੀ. ਸਕੈਨ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਉਸੇ ਦਿਨ ਰਿਪੋਰਟ ਸਿਵਲ ਸਰਜਨ ਬਠਿੰਡਾ ਨੂੰ ਭੇਜਣੀ ਯਕੀਨੀ ਬਣਾਉਣ।