ਵੀਡੀਓ: ਲਖਨਊ 'ਚ ਅਖਿਲੇਸ਼ ਯਾਦਵ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਤੇ Bhagwant Mann ਨੇ ਕੀਤੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ, 7 ਜੂਨ 2023 - ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ......
ਵੀਡੀਓ: ਲਖਨਊ 'ਚ ਅਖਿਲੇਸ਼ ਯਾਦਵ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਤੇ Bhagwant Mann ਨੇ ਕੀਤੀ ਪ੍ਰੈੱਸ ਕਾਨਫਰੰਸ
- ਭਾਜਪਾ ਨੂੰ ਡਰ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਦਾ ਕੰਮ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਉਹ ਦਿੱਲੀ ਵਿੱਚ ਵੀ ਜ਼ੀਰੋ ਹੋ ਜਾਣਗੇ - ਅਖਿਲੇਸ਼ ਯਾਦਵ
- ਸਪਾ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਵੀ ਜੇਪੀ ਅੰਦੋਲਨ ਤੋਂ ਨਿਕਲੇ ਸਨ, ਇਸ ਲਈ ਮੈਨੂੰ ਯਕੀਨ ਸੀ ਕਿ ਅਖਿਲੇਸ਼ ਯਾਦਵ ਸਾਡਾ ਸਾਥ ਦੇਣਗੇ-ਕੇਜਰੀਵਾਲ
- ਮੋਦੀ ਸਰਕਾਰ ਰਾਜਪਾਲਾਂ ਰਾਹੀਂ ਗੈਰ-ਭਾਜਪਾ ਸ਼ਾਸਿਤ ਰਾਜਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ- ਭਗਵੰਤ ਮਾਨ
ਚੰਡੀਗੜ੍ਹ/ਲਖਨਊ, 7 ਜੂਨ 2023 - ਦਿੱਲੀ ਸਰਕਾਰ ਦੇ ਅਧਿਕਾਰਾਂ 'ਤੇ ਕੇਂਦਰ ਦੇ ਵਿਵਾਦਤ ਆਰਡੀਨੈਂਸ ਦੇ ਵਿਰੋਧ 'ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਆ ਗਏ ਹਨ। ਬੁੱਧਵਾਰ ਨੂੰ ਲਖਨਊ 'ਚ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਅਖਿਲੇਸ਼ ਯਾਦਵ ਨੇ ਕੇਂਦਰ ਦੇ ਆਰਡੀਨੈਂਸ ਖਿਲਾਫ ਸੰਸਦ 'ਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਮਾਜਵਾਦੀ ਪਾਰਟੀ ਬਿਲ ਦੇ ਪੂਰੀ ਤਰ੍ਹਾਂ ਖਿਲਾਫ ਹੈ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਇਸ ਬਿੱਲ ਦੇ ਖਿਲਾਫ ਵੋਟ ਕਰਨਗੇ।
ਅਖਿਲੇਸ਼ ਯਾਦਵ ਨੇ ਇਸ ਬਿੱਲ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਚੰਗੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ। ਇਸੇ ਲਈ ਉਹ ਤਾਨਾਸ਼ਾਹੀ ਢੰਗ ਨਾਲ ਦਿੱਲੀ ਸਰਕਾਰ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਦਾ ਕੰਮ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਜ਼ੀਰੋ ਹੋ ਜਾਵੇਗੀ।
ਬੁੱਧਵਾਰ ਨੂੰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਸਪਾ ਮੁਖੀ ਅਖਿਲੇਸ਼ ਯਾਦਵ ਨੂੰ ਮਿਲਣ ਲਖਨਊ ਪਹੁੰਚੇ।
ਇਸ ਮੌਕੇ ਲਖਨਊ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਸਪਾ ਮੁਖੀ ਅਖਿਲੇਸ਼ ਯਾਦਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰਵਰੀ 2015 ਵਿੱਚ ਦਿੱਲੀ ਵਿੱਚ ਸਾਡੀ ਸਰਕਾਰ ਬਣੀ ਸੀ। ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਦੇ ਤਬਾਦਲੇ ਦਾ ਅਧਿਕਾਰ ਸਾਡੇ ਤੋਂ ਖੋਹ ਲਿਆ।
ਫਿਰ ਅਸੀਂ ਦਿੱਲੀ ਦੇ ਲੋਕਾਂ ਨਾਲ ਮਿਲ ਕੇ ਇਸ ਫੈਸਲੇ ਵਿਰੁੱਧ ਅੱਠ ਸਾਲ ਲੰਬੀ ਲੜਾਈ ਲੜੀ, ਜਿਸ ਤੋਂ ਬਾਅਦ ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਦਿੱਲੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਸਪੱਸ਼ਟ ਕਿਹਾ ਕਿ ਅਧਿਕਾਰੀਆਂ ਦੇ ਤਬਾਦਲੇ ਦਾ ਅਧਿਕਾਰ ਦਿੱਲੀ ਦੀ ਚੁਣੀ ਹੋਈ ਸਰਕਾਰ ਕੋਲ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਇਹ ਗੱਲ ਹਜ਼ਮ ਨਹੀਂ ਕਰ ਸਕੇ, ਇਸ ਲਈ ਉਨ੍ਹਾਂ ਨੇ ਫਿਰ ਤਾਨਾਸ਼ਾਹੀ ਢੰਗ ਨਾਲ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਆਰਡੀਨੈਂਸ ਲਿਆ ਕੇ ਸਾਡੇ ਤੋਂ ਅਫਸਰਾਂ ਦੇ ਤਬਾਦਲੇ ਦਾ ਅਧਿਕਾਰ ਖੋਹ ਲਿਆ।
ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਆਰਡੀਨੈਂਸ ਵਿਰੁੱਧ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਰਾਜ ਸਭਾ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਜਾਂਦੀਆਂ ਹਨ ਤਾਂ ਇਹ ਬਿੱਲ ਪਾਸ ਨਹੀਂ ਹੋਵੇਗਾ। ਜੇਕਰ ਇਹ ਬਿੱਲ ਰਾਜ ਸਭਾ 'ਚ ਰੁਕ ਜਾਂਦਾ ਹੈ ਤਾਂ ਪੂਰੇ ਦੇਸ਼ 'ਚ ਸਪੱਸ਼ਟ ਸੰਦੇਸ਼ ਜਾਵੇਗਾ ਕਿ 2024 'ਚ ਭਾਜਪਾ ਦੀ ਸਰਕਾਰ ਨਹੀਂ ਆਵੇਗੀ।
ਮੋਦੀ ਸਰਕਾਰ ਰਾਜਪਾਲਾਂ ਰਾਹੀਂ ਗੈਰ-ਭਾਜਪਾ ਸ਼ਾਸਤ ਰਾਜਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ- ਭਗਵੰਤ ਮਾਨ
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਗੈਰ-ਭਾਜਪਾ ਸ਼ਾਸਤ ਰਾਜਾਂ ਨੂੰ ਰਾਜਪਾਲਾਂ ਰਾਹੀਂ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਕਿਸੇ ਸੂਬੇ ਦਾ ਰਾਜਪਾਲ ਇੱਕ ਹਫ਼ਤਾ ਰਾਜ ਸਰਕਾਰ ਨੂੰ ਪ੍ਰੇਸ਼ਾਨ ਨਹੀਂ ਕਰਦਾ ਤਾਂ ਉਸ ਨੂੰ ਦਿੱਲੀ ਤੋਂ ਫ਼ੋਨ ਆਉਣੇ ਸ਼ੁਰੂ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ ਰਾਜਪਾਲ ਹਰ ਮੌਕੇ 'ਤੇ ਸਾਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਵਾਰ ਰਾਜਪਾਲ ਨੇ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਸਾਨੂੰ ਇਸ ਲਈ ਸੁਪਰੀਮ ਕੋਰਟ ਜਾਣਾ ਪਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਸਾਡੇ ਕੰਮ ਨੂੰ ਰੋਕਣ ਲਈ ਕਈ ਫੰਡ ਰੋਕ ਦਿੱਤੇ ਹਨ। ਕੇਂਦਰ ਸਰਕਾਰ ਪੰਜਾਬ ਦਾ ਜੀਐਸਟੀ ਪੈਸਾ ਵਾਪਸ ਨਹੀਂ ਕਰ ਰਹੀ। ਸਾਨੂੰ ਆਰਡੀਐੱਫ ਦੇ ਪੈਸੇ ਵੀ ਉਹ ਨਹੀਂ ਦੇ ਰਹੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਜਿਨ੍ਹਾਂ ਰਾਜਾਂ ਵਿੱਚ ਭਾਜਪਾ ਚੋਣਾਂ ਹਾਰਦੀ ਹੈ, ਉੱਥੇ ਉਪ ਚੋਣਾਂ ਕਰਵਾ ਕੇ ਜਿੱਤ ਜਾਂਦੀ ਹੈ। ਚੋਣ ਹਾਰਨ ਤੋਂ ਬਾਅਦ ਉਹ ਵੱਡੀ ਗਿਣਤੀ 'ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਕੇ ਆਪਣੀ ਸਰਕਾਰ ਬਣਾਉਂਦੀ ਹੈ, ਫਿਰ ਉਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾ ਕੇ ਜਿੱਤ ਜਾਂਦੀ ਹੈ।
ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦਾ ਦਿਲ ਹੈ। ਇਸ ਲਈ ਦਿੱਲੀ ਸਰਕਾਰ ਦੇ ਅਧਿਕਾਰਾਂ 'ਤੇ ਹਮਲਾ ਕਰਨਾ ਦੇਸ਼ ਦੇ 140 ਕਰੋੜ ਲੋਕਾਂ ਦੇ ਅਧਿਕਾਰਾਂ 'ਤੇ ਹਮਲਾ ਕਰਨ ਦੇ ਬਰਾਬਰ ਹੈ।