ਸਪੀਕਰ ਸੰਧਵਾਂ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਨੂੰ ਵਧਾਈ ਦਿੱਤੀ
-ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਸੰਧਵਾਂ
-ਲੋਕਾਂ ਨੂੰ ਚੋਣਾਂ ਮਗਰੋਂ ਪਿੰਡਾਂ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਕੀਤੀ ਅਪੀਲ
ਪਰਵਿੰਦਰ ਸਿੰਘ ਕੰਧਾਰੀ
ਕੋਟਕਪੂਰਾ 21 ਅਕਤੂਬਰ,2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦੀਆਂ ਨਵੀਆਂ ਚੁਣੀਆਂ ਅਤੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਨੂੰ ਵਧਾਈ ਦਿੱਤੀ। ਅੱਜ ਵੱਡੀ ਗਿਣਤੀ ਵਿੱਚ ਪੰਚਾਇਤਾਂ ਦੇ ਨੁਮਾਇੰਦੇ ਪਿੰਡ ਸੰਧਵਾਂ ਵਿਖੇ ਸਪੀਕਰ ਸਾਹਿਬ ਦੇ ਗ੍ਰਹਿ ਵਿਖੇ ਪੁੱਜੇ, ਜਿਥੇ ਉਨ੍ਹਾਂ ਵੱਲੋਂ ਪੰਚਾਇਤਾਂ ਦਾ ਸਨਮਾਨ ਵੀ ਕੀਤਾ ਗਿਆ ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੀਆਂ 10 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਦੀ ਚੋਣ ਵੀ ਬਿਨਾਂ ਕਿਸੇ ਪੱਖਪਾਤ, ਲੜਾਈ-ਝਗੜੇ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪੰਚਾਇਤੀ ਚੋਣਾਂ ਦੌਰਾਨ ਕਿਤੇ ਵੀ ਧੱਕੇਸ਼ਾਹੀ ਦੀ ਕੋਈ ਖਬਰ ਨਹੀਂ ਆਈ ਅਤੇ ਨਾ ਹੀ ਕਿਸੇ ਵੀ ਉਮੀਦਵਾਰ ਨੂੰ ਐਨ.ਓ.ਸੀ ਲੈਣ ਦੀ ਦਿੱਕਤ ਆਈ ਹੈ ਤੇ ਨਾ ਹੀ ਕਿਸੇ ਦੇ ਕਾਗਜ ਰੱਦ ਕੀਤੇ ਗਏ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵੀ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਕੋਟਕਪੂਰਾ ਹਲਕਾ ਵਿਕਾਸ ਪੱਖੋਂ ਰਾਜ ਦਾ ਮੋਹਰੀ ਹਲਕਾ ਬਣੇ ।
ਉਨ੍ਹਾਂ ਲੋਕਾਂ ਨੂੰ ਚੋਣਾਂ ਮਗਰੋਂ ਪਿੰਡਾਂ ਵਿੱਚ ਅਮਨ ਸ਼ਾਂਤੀ, ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੰਮ ਕਰਨ ।