ਬਟਾਲਾ, 22 ਸਤੰਬਰ 2018 - ਜ਼ਿਲੇ ਵਿਚੋਂ ਸਭ ਤੋਂ ਵੱਡੀ ਲੀਡ ਨਾਲ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ ਵਡਾਲਾ ਗ੍ਰੰਥੀਆਂ ਜੋਨ ਤੋਂ ਜ਼ਿਲਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਬਾਜਵਾ ਨੇ ਆਪਣੀ ਇਸ ਜਿੱਤ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਇੱਕ-ਇੱਕ ਵੋਟਰ ਦੇ ਇਸ ਅਹਿਸਾਨ ਨੂੰ ਕਦੀ ਨਹੀਂ ਭੁੱਲਣਗੇ। ਰਵੀ ਬਾਜਵਾ ਨੇ ਕਿਹਾ ਕਿ ਇਹ ਜਿੱਤ ਉਨਾਂ ਦੇ ਹਲਕੇ ਦੇ ਵੋਟਰਾਂ ਦੀ ਜਿੱਤ ਹੈ ਅਤੇ ਜੋ ਮਾਣ ਮੈਨੂੰ ਮੇਰੇ ਲੋਕਾਂ ਨੇ ਦਿੱਤਾ ਹੈ ਉਹ ਹਮੇਸ਼ਾਂ ਇਸਦੇ ਕਰਜ਼ਦਾਰ ਰਹਿਣਗੇ। ਉਨਾਂ ਸਮੂਹ ਕਾਂਗਰਸੀ ਵਰਕਰਾਂ ਦਾ ਵੀ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਜ਼ਿਲਾ ਪ੍ਰੀਸ਼ਦ ਮੈਂਬਰ ਰਵੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਉਨਾਂ ਕਿਹਾ ਕਿ ਕਿਸਾਨ ਕਰਜ਼ਾ ਮੁਕਤੀ, ਅਨਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ੇ ਮੁਆਫ਼ੀ, ਘਰ-ਘਰ ਰੁਜ਼ਗਾਰ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਦੀ ਸਫਲਤਾ ਇਨਾਂ ਚੋਣਾਂ ਦੇ ਜਿੱਤ ਦਾ ਅਧਾਰ ਬਣੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਦਾ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਸਰਕਾਰ ਆਪਣੇ ਇਸ ਨਿਸ਼ਾਨੇ ਉੱਪਰ ਭਵਿੱਖ ਵਿੱਚ ਵੀ ਕੰਮ ਕਰਦੀ ਰਹੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰੀਸ਼ਦ ਦੇ ਰਾਹੀ ਉਹ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖਣਗੇ।
ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਇਨਾਂ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਹੁਣ ਪੂਰੀ ਤਰਾਂ ਆਪਣਾ ਲੋਕ ਅਧਾਰ ਗੁਆ ਚੁੱਕਾ ਹੈ। ਉਨਾਂ ਕਿਹਾ ਕਿ ਲੋਕਾਂ ਵਿੱਚ ਅਜੇ ਵੀ ਅਕਾਲੀ ਦੇ 10 ਸਾਲਾਂ ਦੇ ਕੁਸ਼ਾਸ਼ਨ ਪ੍ਰਤੀ ਬਹੁਤ ਗੁੱਸਾ ਹੈ ਅਤੇ ਇਨਾਂ ਚੋਣਾਂ ਵਿੱਚ ਲੋਕਾਂ ਨੇ ਅਕਾਲੀ ਦਲ ਨੂੰ ਲੱਕ ਤੋੜਵੀਂ ਹਾਰ ਦਿੱਤੀ ਹੈ। ਉਨਾਂ ਕਿਹਾ ਕਿ ਅਕਾਲੀ ਦਲ ਨੂੰ ਹੁਣ ਹਕੀਕਤ ਨੂੰ ਸਵੀਕਾਰ ਕਰਕੇ ਆਪਣੇ ਕੀਤੇ ਗੁਨਾਹਾਂ ਦਾ ਪਸ਼ਚਾਤਾਪ ਕਰਨਾ ਚਾਹੀਦਾ ਹੈ।