ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਅਧਿਆਪਕ ਦਾ ਸਨਮਾਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 27 ਜੁਲਾਈ 2024 : ਇਲਾਕੇ ਦੀ ਮਾਣਮੱਤੀ ਸੰਸਥਾ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਸਮਾਜ ਦੇ ਵਿਕਾਸ ਲਈ ਹਮੇਸ਼ਾਂ ਯੋਗਦਾਨ ਪਾਉਂਦੀ ਰਹੀ ਹੈ। ਸਮੇਂ-ਸਮੇਂ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਆਪਣੇ ਯੋਗਦਾਨ ਕਰਕੇ ਸਨਮਾਨਿਤ ਹੁੰਦੇ ਰਹਿੰਦੇ ਹਨ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜੋਨ (ਫ਼ਰੀਦਕੋਟ ਖੇਤਰ) ਵੱਲੋਂ ਭਾਈ ਗੁਰਦਾਸ ਲਾਇਬਰੇਰੀ ਫ਼ਰੀਦਕੋਟ ਵਿਖੇ ਅਧਿਆਪਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਕਮਰਸ ਵਿਭਾਗ ਦੇ ਡਾ. ਗਗਨਦੀਪ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਹਨਾਂ ਨੂੰ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ, ਨਿਰੋਏ ਸਮਾਜ ਦੀ ਸਿਰਜਣਾ ਕਰਨ ਹਿੱਤ ਆਪਣਾ ਯੋਗਦਾਨ ਪਾਉਣ ਲਈ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਜੀ ਨੇ ਡਾ.ਗਗਨਦੀਪ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ, ਜਿੱਥੇ ਵਿਦਿਆਰਥੀਆਂ ਦੀ ਊਰਜਾ ਨੂੰ ਉਸਾਰੂ ਕੰਮਾਂ ਵਿਚ ਲਗਾ ਰਹੀਆਂ ਹਨ, ਉੱਥੇ ਹੀ ਕਾਲਜ ਦੇ ਵਿਦਿਆਰਥੀਆਂ ਦੀ ਸਖਸ਼ੀਅਤ ਦਾ ਸਰਵ-ਪੱਖੀ ਵਿਕਾਸ ਵੀ ਕਰ ਰਹੀਆਂ ਹਨ। ਇਸ ਮੌਕੇ ਕਾਲਜ ਦੇ ਬਰਸਰ ਡਾ. ਪੂਜਾ ਭੱਲਾ, ਯੂਥ ਕੋਆਰਡੀਨੇਟਰ ਡਾ.ਰਾਜੇਸ਼ ਮੋਹਨ, ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਸਿੰਘ ਬਰਾੜ ਤੋਂ ਇਲਾਵਾ ਕਾਲਜ ਦੇ ਸੇਵਾ ਮੁਕਤ ਪ੍ਰਿੰਸੀਪਲ ਡਾ.ਅਨਿਲ ਕੁਮਾਰ ਵਰਮਾ ਅਤੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਡਾ.ਕਮਲਦੀਪ ਸਿੰਘ ਉਚੇਚੇ ਰੂਪ ਵਿੱਚ ਹਾਜ਼ਰ ਸਨ।