ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
- ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ
ਪਟਿਆਲਾ, 31 ਮਈ 2024 - ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ।
ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।