ਸਵਾਲਾਂ ਦਾ ਜਵਾਬ ਦੇਣ ਤੋਂ ਭੱਜੇ ਅਰਜੁਨ ਬਾਦਲ: ਗੁਰਭਗਤ ਸਿੰਘ ਭਲਾਈਆਣਾ
ਅਸ਼ੋਕ ਵਰਮਾ
ਗਿੱਦੜਬਾਹਾ ,8ਨਵੰਬਰ2024:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਭਾਰਤੀ ਜੰਤਾ ਪਾਰਟੀ ਦੇ ਆਗੂਆਂ ਤੋਂ ਸਵਾਲ ਪੁੱਛਣ ਦੇ ਪ੍ਰੋਗਰਾਮ ਤਹਿਤ ਅੱਜ ਗਿੱਦੜਬਾਹਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦਾ ਲੜਕਾ ਅਰੁਜਨ ਬਾਦਲ ਕਿਸਾਨ ਆਗੂਆਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਪਾਸਾ ਵੱਟ ਗਿਆ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਚੋਣ ਪ੍ਰੋਗਰਾਮ ਦੌਰਾਨ ਅਰਜੁਨ ਬਾਦਲ ਖਰੀਦ ਪ੍ਰਬੰਧਾਂ ਅਤੇ ਕਿਸਾਨਂ ਮਸਲਿਆਂ ਦੇ ਜਵਾਬ ਦੇਣ ਤੋਂ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਸਵਾਲਾਂ ਦੇ ਜਵਾਬ ਦੇਣ ਜਾਂ ਨਾਂ ਦੇਣ ਜੱਥੇਬੰਦੀ ਲੀਡਰਾਂ ਦਾ ਘਿਰਾਓ ਕਰਕੇ ਜਵਾਬ ਮੰਗਦੀ ਰਹੇਗੀ।
ਓਧਰ ਜੱਥੇਬੰਦੀ ਨੇ ਕਿਸਾਨ ਅੰਦੋਲਨ ਭਖਾਉਣ ਉਪਰੰਤ ਭਾਜਪਾ ਲੀਡਰਸ਼ਿਪ ਤੇ ਦਬਾਅ ਪਾਉਣ ਦੀ ਰਣਨੀਤੀ ਤਹਿਤ ਗਿੱਦੜਬਾਹਾ ਹਲਕੇ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵੱਲੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਫਤਰਾਂ ਅੱਗੇ ਪੱਕੇ ਮੋਰਚੇ ਜਾਰੀ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਹਾਈਵੇ ਨੰਬਰ 9 ਟੌਲ ਪਲਾਜ਼ਾ ਅਬਲਖੁਰਨਾ ਤੇ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ, ਪਰਾਲੀ ਸਾੜਨ ਤੇ ਡੀਏਪੀ ਖਾਦ ਦੀ ਘਾਟ ਖਿਲਾਫ ਮੋਰਚਾ ਜਾਰੀ ਰਿਹਾ। ਇਸ ਮੌਕੇ ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਕਿਹਾ ਕਿ ਪੰਜਾਬ ’ਚ ਕਿਸਾਨੀ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਕਿਸਾਨਾਂ ਨੂੰ ਫ਼ਸਲ ਵੇਚਣ ਲਈ ਰਾਤਾਂ ਮੰਡੀਆਂ ਵਿਚ ਕੱਟਣੀਆਂ ਪੈ ਰਹੀਆਂ ਹਨ।
‘ਆਪ’ ਆਗੂਆਂ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦੀ ਨਾਕਾਮੀ ਦਾ ਠੀਕਰਾ ਕੇਂਦਰ ਸਿਰ ਭੰਨਿਆ ਜਾ ਰਿਹਾ ਹੈ ਜਦੋਂ ਕਿ ਭਾਜਪਾ ਆਗੂ ‘ਆਪ’ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰ ਰਹੇ ਹਨ। ਆਪ ਆਗੂ ਆਖਦੇ ਹਨ ਕਿ ਦਿੱਲੀ ਵਿਚ ਹੋਏ ਕਿਸਾਨ ਅੰਦੋਲਨ ਦਾ ਬਦਲਾ ਕੇਂਦਰ ਸਰਕਾਰ ਹੁਣ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਸਤੇ ਭਾਜਪਾ ਵੱਲੋਂ ਖ਼ਤਰਨਾਕ ਚਾਲਾਂ ਚੱਲੀਆਂ ਜਾ ਰਹੀਆਂ ਹਨ। ਭਾਜਪਾ ਆਗੂ ਆਖ ਰਹੇ ਹਨ ਕਿ ਸੂਬਾ ਸਰਕਾਰ ਖ਼ਰੀਦ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ ਅਤੇ ਆਪਣੀ ਨਾਕਾਮੀ ਹੁਣ ਭਾਜਪਾ ਦੀ ਝੋਲੀ ਪਾਉਣਾ ਚਾਹੁੰਦੀ ਹੈ। ਗਿੱਦੜਬਾਹਾ ਬਲਾਕ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ ਦਾ ਕਹਿਣਾ ਸੀ ਕਿ ਕਿਸਾਨਾਂ ਦੇ ਮਸਲੇ ਹੱਲ ਕਰਨ ’ਚ ਦੋਨੋ ਸਰਕਾਰਾਂ ਨਾਕਾਮ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਨਾਲ ਸਬੰਧਤ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਟਰਾਂਸਪੋਰਟਰਾਂ ਦੇ ਮਸਲੇ ਹੱਲ ਨਹੀਂ ਕਰ ਰਹੀਆਂ ਹਨ ਜਿਸ ਕਰਕੇ ਕਿਸਾਨ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। ਇਨ੍ਹਾਂ ਨੀਤੀਆਂ ਰਾਹੀਂ ਕਾਰਪੋਰੇਟ ਘਰਾਣੇ ਐਮਐਸਪੀ ਤੇ ਸਰਕਾਰੀ ਖਰੀਦ ਬੰਦ ਕਰਨਾ ਅਤੇ ਖੁੱਲ੍ਹੀ ਮੰਡੀ ਰਾਹੀਂ ਅਨਾਜ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਜਿਸ ਨਾਲ ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡੀਪੂਆਂ ਤੋਂ ਗਰੀਬਾਂ ਨੂੰ ਸਸਤੇ ਜਾਂ ਮੁਫਤ ਮਿਲਦੇ ਅਨਾਜ ਅਤੇ ਹੋਰ ਸਹੂਲਤਾਂ ਬੰਦ ਹੋ ਜਾਣਗੀਆਂ । ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹਾ ਕਰਨ ਨਹੀਂ ਦਿੱਤਾ ਜਾਏਗਾ। ਇਸ ਮੌਕੇ ਸਮੂਹ ਕਿਸਾਨ ਆਗੂਆਂ ਨੇ ਵੱਖ ਵੱਖ ਮੰਗਾਂ ਪ੍ਰਵਾਨ ਕਰਨ ਦੀ ਮੰਗ ਵੀ ਕੀਤੀ