ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ।
ਫ਼ਤਹਿਗੜ੍ਹ ਸਾਹਿਬ, 24 ਦਸੰਬਰ, 2016 : 25 ਦਸੰਬਰ ਤੋਂ 27 ਦਸੰਬਰ ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਹੌਲ ਦੀ ਪਵਿੱਤਰਤਾ ਕਾਇਮ ਰੱਖਣ ਦੀ ਅਪੀਲ ਕਰਦਿਆਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋਣ ਵਾਲੇ ਨਗਰ ਕੀਰਤਨ ਦੇ ਬਿਲਕੁੱਲ ਨਾਲ-ਨਾਲ ਸ਼ਰਧਾਲੂ ਸੰਗਤਾਂ ਸਫਾਈ ਕਰਨ ਦੀ ਥਾਂ ਕੁਝ ਸਮਾਂ ਪਹਿਲਾਂ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਮਾਰਗ ਦੀ ਸਫਾਈ ਦੀ ਸੇਵਾ ਕਰਨ ਨੂੰ ਤਰਜੀਹ ਦੇਣ ਤਾਂ ਜੋ ਨਗਰ ਕੀਰਤਨ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਨਗਰ ਕੀਰਤਨ ਗੁਰਮਰਿਆਦਾ ਅਨੁਸਾਰ ਸਮੇਂ ਸਿਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜ ਸਕੇ। ਉਨ੍ਹਾਂ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਲੰਘਣ ਤੋਂ ਬਾਅਦ ਵੀ ਮਾਰਗ ਦੀ ਸਫਾਈ ਕੀਤੀ ਜਾਵੇ।
ਪ੍ਰੋ: ਬਡੁੰਗਰ ਨੇ ਸ਼ਹੀਦੀ ਜੋੜ ਮੇਲ ਦੌਰਾਨ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਸੈਂਕੜੇ ਲੰਗਰਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੰਗਰਾਂ ਵਿੱਚ ਪਲਾਸਟਿਕ ਦੇ ਭਾਂਡਿਆਂ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਤਾਂ ਜੋ ਲੰਗਰਾਂ ਦੀ ਸਵੱਛਤਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਵਾਤਾਵਰਣ ਦੀ ਸ਼ੁਧਤਾ ਨੂੰ ਵੀ ਪਹਿਲ ਦਿੱਤੀ ਜਾਵੇ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਨ੍ਹਾਂ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਵਾਤਾਵਰਣ ਦੀ ਸ਼ੁਧਤਾ ਨੂੰ ਕਾਇਮ ਰੱਖਣ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਕਿ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ।
ਪ੍ਰੋ: ਬਡੂੰਗਰ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੇ ਕੀਰਤਨੀ ਜਥਿਆਂ ਅਤੇ ਗੱਤਕਾ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਡੇ ਵਾਹਨ ਲੈ ਕੇ ਨਗਰ ਕੀਰਤਨ ਵਿੱਚ ਸ਼ਾਮਲ ਨਾ ਹੋਣ ਸਗੋਂ ਛੋਟੀਆਂ ਹੱਥ ਰੇਹੜੀਆਂ ਦੀ ਹੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਇਸ ਨਗਰ ਕੀਰਤਨ ਵਿੱਚ ਮਾਨਵਤਾ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਸ਼ਮੂਲੀਅਤ ਕਰ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਮਾਨ ਦੀ ਹਿਫਾਜ਼ਤ ਲਈ ਖੁਦ ਵੀ ਚੌਕਸੀ ਤੋਂ ਕੰਮ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਸੁਰੱਖਿਆ ਅਤੇ ਟਰੈਫਿਕ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਆਈ.ਜੀ. ਸ੍ਰੀ ਗੁਰਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰਵਿੰਦਰ ਸਿੰਘ ਖਾਲਸਾ, ਸਾਬਕਾ ਐਸ.ਜੀ.ਪੀ.ਸੀ. ਮੈਂਬਰ ਬੀਬੀ ਸੁਰਿੰਦਰ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਅਕਾਲੀ ਆਗੂ ਸ. ਕ੍ਰਿਪਾਲ ਸਿੰਘ ਸੇਠੀ, ਸ. ਦਵਿੰਦਰ ਸਿੰਘ ਭੱਪੂ, ਸ੍ਰੀ ਕੁਲਵਿੰਦਰ ਸਿੰਘ ਡੇਰਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ੍ਰੀ ਨੱਥਾ ਸਿੰਘ ਅਤੇ ਸ. ਗੁਰਮੀਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਪਤਵੰਤੇ ਹਾਜਰ ਸਨ।