ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ : ਸੁਖਬੀਰ ਬਾਦਲ
- ਸੁਖਬੀਰ ਬਾਦਲ ਨੇ ਜੈਤੋ ਵਿਖੇ ਲੋਕ ਸਭਾ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਮਨਜੀਤ ਸਿੰਘ ਢੱਲਾ
ਜੈਤੋ,19 ਮਈ 2024 - ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅੱਗੇ ਹੋ ਕੇ ਲੜਾਈ ਲੜੀ ਹੈ, ਜਦਕਿ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਦਿੱਲੀਓਂ ਹੁਕਮ ਆਉਂਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਜੈਤੋ ਵਿਖੇ ਸਥਿਤ ਰਾਮਲੀਲਾ ਮੈਦਾਨ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਇੱਕੋ ਇਕ ਏਜੰਡਾ ਹੈ।
ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਸਮੁੱਚੇ ਸੂਬੇ ਦੀ ਜਨਤਾ ਵਿਚ ਗੁੱਸੇ ਦੀ ਲਹਿਰ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਕੋਈ ਵੀ ਗਰੰਟੀ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵੀ ਸੂਬੇ ਦੇ ਲੋਕ ਵਾਂਝੇ ਬੈਠੇ ਹਨ ਜਿਸ ਕਰਕੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਉਡੀਕ ਰਹੇ ਹਨ, ਜਿਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਸਨ । ਉਹਨਾਂ ਕਿਹਾ ਕਿ 35 ਸਾਲ ਹੋ ਗਏ ਗੁਜਰਾਤ ਦੇ ਲੋਕ ਮੋਦੀ ਤੋਂ ਬਗੈਰ ਵੋਟ ਨਹੀਂ ਪਾਉਂਦੇ ਉਹਨਾਂ ਨੂੰ ਪਤਾ ਗੁਜਰਾਤ ਨੂੰ ਸਾਰਾ ਕੁਝ ਦੇਣ ਵਾਲਾ ਮੋਦੀ ਹੈ ਕਿਸੇ ਹੋਰ ਦੀ ਲੋੜ ਹੀ ਨਹੀਂ ਤੇ ਪੰਜਾਬ ਵਿੱਚ ਲੋਕ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਭੁਲਦੇ ਜਾ ਰਹੇ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਅਤੇ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਯਤਨਸ਼ੀਲ ਹੈ।
ਉਹਨਾਂ ਸਮੁੱਚੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਪੰਜਾਬ ਦੇ ਲੋਕ ਮੁੱਦਿਆਂ ਨੂੰ ਉਠਾਇਆ ਜਾ ਸਕੇ। ਇਸ ਮੌਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ 1 ਜੂਨ ਨੂੰ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਾ ਕੇ ਉਹਨਾਂ ਨੂੰ ਕਾਮਯਾਬ ਬਣਾਇਆ ਜਾਵੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ, ਯਾਦਵਿੰਦਰ ਸਿੰਘ ਜੈਲਦਾਰ,ਓਮੀ ਪਟਵਾਰੀ, ਸ਼ੇਰ ਸਿੰਘ ਮੰਡ, ਬਲਵੰਤ ਸਿੰਘ ਕਰੀਰ ਵਾਲੀ,ਲਾਲੀ ਬਾਦਲ,ਪਾਲੀ ਬਾਦਲ ਆਦਿ ਹਾਜ਼ਰ।