ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ. ਨਗਰ(ਬੂਥਗੜ੍ਹ), 27 ਅਕਤੂਬਰ 2020 - ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ੍ਹ ਵਿਖੇ ਸਿਹਤ ਵਿਭਾਗ ਦੀ ਟੀਮ ਨੇ 38 ਅਧਿਆਪਕਾਂ ਦੇ 'ਕੋਰੋਨਾ ਵਾਇਰਸ' ਟੈਸਟ ਕੀਤੇ ਜਿਨ੍ਹਾਂ ਵਿਚੋਂ ਇਕ ਅਧਿਆਪਕਾ ਦੀ ਰਿਪੋਰਟ ਪਾਜ਼ੀਟਿਵ ਆਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੀੜਾ ਦੇ 19 ਅਧਿਆਪਕਾਂ, ਸਰਕਾਰੀ ਹਾਈ ਸਕੂਲ ਪਿੰਡ ਮੀਆਂਪੁਰ ਚੰਗਰ ਦੇ 3 ਅਧਿਆਪਕਾਂ ਅਤੇ ਸਰਕਾਰੀ ਹਾਈ ਸਕੂਲ ਪਿੰਡ ਮਾਣਕਪੁਰ ਸ਼ਰੀਫ਼ ਦੇ 16 ਅਧਿਆਪਕਾਂ ਦੇ 'ਰੈਪਿਡ ਕਾਰਡ' ਟੈਸਟ ਕੀਤੇ ਗਏ ਜਿਨ੍ਹਾਂ ਵਿਚੋਂ ਮਾਣਕਪੁਰ ਸ਼ਰੀਫ਼ ਦੇ ਸਕੂਲ ਦੀ ਅਧਿਆਪਕਾ ਦੀ ਰੀਪੋਰਟ ਪਾਜ਼ੀਟਿਵ ਆਈ ਹੈ ਜਦਕਿ ਬਾਕੀ ਸਾਰਿਆਂ ਦੀਆਂ ਰੀਪੋਰਟਾਂ ਨੈਗੇਟਿਵ ਆਈਆਂ। ਮੌਕੇ 'ਤੇ ਹੀ ਸਾਰੇ ਟੈਸਟਾਂ ਦੀਆਂ ਰੀਪੋਰਟਾਂ ਦਿੱਤੀਆਂ ਗਈਆਂ।
ਉਨ੍ਹਾਂ ਦਸਿਆ ਕਿ ਅਧਿਆਪਕਾ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਤੇ ਉਸ ਨੂੰ ਸਾਰੀਆਂ ਜ਼ਰੂਰੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਸਬੰਧਤ ਸਕੂਲ ਦੇ ਪ੍ਰਿੰਸੀਪਲ ਨੂੰ ਵੀ ਇਸ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਉਣ ਵਾਲੇ ਬੱਚਿਆਂ ਦਾ ਬਚਾਅ ਬਹੁਤ ਜ਼ਰੂਰੀ ਹੈ। ਇਹ ਯਕੀਨੀ ਬਣਾਇਆ ਜਾਵੇ ਕਿ ਉਹ ਹਮੇਸ਼ਾ ਮਾਸਕ ਪਾ ਕੇ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਇਕ ਦੂਜੇ ਤੋਂ ਦੂਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੀ ਦਵਾਈ ਆਉਣ ਤਕ ਮਾਸਕ ਹੀ ਦਵਾਈ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼ ਸਿੰਘ ਜਿਨ੍ਹਾਂ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨੇ ਟੈਸਟ ਕੀਤੇ, ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੀਮਾਰੀ ਤੋਂ ਬਚਾਅ ਲਈ ਅਪਣੇ ਟੈਸਟ ਕਰਵਾਉਣ ਤੋਂ ਬਿਲਕੁਲ ਵੀ ਨਾ ਘਬਰਾਉਣ। ਉਨ੍ਹਾਂ ਕਿਹਾ, 'ਕਈ ਵਾਰ ਲੋਕ ਹਾਲਤ ਖ਼ਰਾਬ ਹੋਣ 'ਤੇ ਹੀ ਸਿਹਤ ਸੰਸਥਾ ਵਿਚ ਆਉਂਦੇ ਹਨ ਜਿਸ ਕਾਰਨ ਮਰੀਜ਼ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਇਸ ਬੀਮਾਰੀ ਦਾ ਕੋਈ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਇਆ ਜਾਵੇ ਤਾਕਿ ਸਮੇਂ ਸਿਰ ਇਸ ਬੀਮਾਰੀ ਤੋਂ ਬਚਿਆ ਜਾ ਸਕੇ।'
ਐਸ.ਐਮ.ਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ, ਕਪੜੇ, ਚੁੰਨੀ, ਪਰਨੇ ਆਦਿ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਵਿਕਾਸ, ਡਾ. ਸੁਬਿਨ, ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ) ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਸੀ.ਐਚ.ਓ ਪੂਨਮਜੀਤ ਕੌਰ ਆਦਿ ਮੌਜੂਦ ਸਨ।